ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

Global Team
1 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰ ਹਿੱਤ ਨੇ ਆਪਣੇ ਜੀਵਨ ਅੰਦਰ ਹਮੇਸ਼ਾ ਪੰਥਕ ਸੋਚ ਨੂੰ ਬੁਲੰਦ ਰੱਖਿਆ ਅਤੇ ਸਿੱਖੀ ਪ੍ਰਚਾਰ ਦੇ ਨਾਲ-ਨਾਲ ਕੌਮੀ ਮਸਲਿਆਂ ਲਈ ਵੀ ਪਹਿਲਕਦਮੀ ਕੀਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਹਿੱਤ ਸਿੱਖ ਰਾਜਨੀਤੀ ਦੇ ਉੱਘੇ ਹਸਤਾਖਰ ਸਨ, ਜਿਨ੍ਹਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਹਮੇਸ਼ਾ ਯਾਦ ਰੱਖੀਆਂ ਜਾਣਗੀਆਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਹਿੱਤ ਦੀ ਘਾਟ ਪੰਥਕ ਸਫਾਂ ਅੰਦਰ ਹਮੇਸ਼ਾ ਰੜਕਦੀ ਰਹੇਗੀ। ਉਨ੍ਹਾਂ ਜਥੇਦਾਰ ਹਿੱਤ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਤੇ ਅਧਿਕਾਰੀਆਂ ਨੇ ਵੀ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

Share This Article
Leave a Comment