ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸਬੰਧੀ ਵੱਖ-ਵੱਖ ਰਾਜਾਂ ਨੂੰ ਚਿੱਠੀ ਜਾਰੀ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ‘ਤੇ ਗੰਭੀਰ ਚਿੰਤਾ ਜਤਾਈ ਹੈ। ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਪੱਸ਼ਟ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਦੇ ਨਾਂ ‘ਤੇ ਜਥਿਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਸਰਕਾਰ ਦੀ ਵੱਡੀ ਨਾਕਾਮੀ ਹੈ।
ਪ੍ਰਤਾਪ ਸਿੰਘ ਨੇ ਕਿਹਾ ਕਿ ਚਿੱਠੀ ਸਿੱਧੀ ਐਸਜੀਪੀਸੀ ਨੂੰ ਨਹੀਂ ਆਈ, ਸਗੋਂ ਵੱਖ-ਵੱਖ ਰਾਜ ਸਰਕਾਰਾਂ ਨੂੰ ਭੇਜੀ ਗਈ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਰੋਕਿਆ ਗਿਆ ਹੈ। ਇਸ ‘ਤੇ ਉਨ੍ਹਾਂ ਨੇ ਕਿਹਾ ਕਿ ਜੇ ਪਾਕਿਸਤਾਨੀ ਸਰਕਾਰ ਨੂੰ ਸੁਰੱਖਿਆ ਦੇ ਪ੍ਰਬੰਧ ਕਰਨ ਵਿੱਚ ਕੋਈ ਮੁਸ਼ਕਲ ਆਉਂਦੀ ਤਾਂ ਉਹ ਖੁਦ ਹੀ ਜਥੇ ਨੂੰ ਇਜਾਜ਼ਤ ਨਾ ਦਿੰਦੇ ਪਰ ਜੇ ਪਾਕਿਸਤਾਨੀ ਸਰਕਾਰ ਸਿੱਖ ਯਾਤਰੀਆਂ ਨੂੰ ਆਉਣ ਦੇਣ ਲਈ ਤਿਆਰ ਹੈ, ਤਾਂ ਭਾਰਤ ਸਰਕਾਰ ਵੱਲੋਂ ਰੋਕਣਾ ਅਨੁਚਿਤ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਸਿੱਖ ਕੌਮ ਦਾ ਕਿਸੇ ਵੀ ਕੌਮ ਜਾਂ ਧਰਮ ਨਾਲ ਵਿਰੋਧ ਨਹੀਂ। ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ।