ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਸਮੇਂ ‘ਚ ਕੀਤਾ ਵਾਧਾ

Global Team
1 Min Read

ਅੰਮ੍ਰਿਤਸਰ: ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਸ਼ਰਧਾਲੂ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2022 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 11 ਜਨਵਰੀ 2023 ਤੱਕ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।

Share This Article
Leave a Comment