ਸਰਾਂ ਮਾਮਲੇ ’ਚ ਐਸਜੀਪੀਸੀ ਪ੍ਰਧਾਨ ਵੱਲੋਂ ਬਣਾਈ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਕੀਤਾ ਜਾਵੇਗਾ ਕਾਰਜ : ਮੁੱਖ ਸਕੱਤਰ

TeamGlobalPunjab
2 Min Read

ਅੰਮ੍ਰਿਤਸਰ :  ਸ੍ਰੀ ਗੁਰੂ ਰਾਮਦਾਸ ਸਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੜ-ਵਿਚਾਰ ਕਰਨ ਦਾ ਐਲਾਨ ਕੀਤਾ ਹੈ । ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਸਾਰੀ ਸਰਾਂ ਨੂੰ ਢਾਹੁਣ ਦਾ ਕੋਈ ਫ਼ੈਸਲਾ ਨਹੀਂ ਸੀ । ਇਹ ਭਰੋਸਾ ਦਿੱਤਾ ਗਿਆ ਹੈ ਕਿ ਇਸ ਸਬੰਧੀ ਅਗਲੇ ਕਾਰਵਾਈ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਕੀਤੀ ਜਾਵੇਗੀ ਅਤੇ ਇਸ ਬਾਰੇ ਰਿਪੋਰਟ ਲਈ ਇੱਕ ਸਬ-ਕਮੇਟੀ ਬਣਾਈ ਜਾਵੇਗੀ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਕ ਸਬ ਕਮੇਟੀ ਬਣਾਈ ਜਾ ਰਹੀ ਹੈ, ਜੋ ਇਸ ਦੇ ਰੱਖ ਰਖਾਅ ਉੱਤੇ ਹੋਣ ਵਾਲੇ ਕਾਰਜਾਂ ਬਾਰੇ ਫ਼ੈਸਲਾ ਕਰੇਗੀ। ਉਨ੍ਹਾਂ ਆਖਿਆ ਕਿ ਬੀਤੇ ਦਿਨੀਂ ਇਸ ਸਰਾਂ ਦੀ ਨਿੱਘਰਦੀ ਹਾਲਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ ਸੀ ਪਰ ਇਸ ਨੂੰ ਢਾਹੁਣ ਦਾ ਕੋਈ ਵੀ ਫ਼ੈਸਲਾ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਬਹੁਤੇ ਕਮਰਿਆਂ ਦੀ ਮੌਜੂਦਾ ਹਾਲਤ ਰਹਿਣਯੋਗ ਨਾ ਹੋਣ ਕਰਕੇ ਕੋਈ ਵੀ ਸ਼ਰਧਾਲੂ ਇੱਥੇ ਰਹਿਣ ਲਈ ਤਿਆਰ ਨਹੀਂ ਹੁੰਦਾ। ਅਜਿਹੀ ਹਾਲਤ ਵਿਚ ਇਸ ਸਰਾਂ ਦੀ ਮੁਰੰਮਤ ਬੇਹੱਦ ਲੋੜੀਂਦੀ ਹੈ। ਇਹ ਅਤਿ-ਜ਼ਰੂਰੀ ਕਾਰਜ ਹੋਣ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਪਹਿਲ ਦੇ ਅਧਾਰ ’ਤੇ ਵਿਚਾਰਿਆ ਗਿਆ ਹੈ, ਪਰ ਇਸ ਬਾਰੇ ਕੌਮੀ ਭਾਵਨਾਵਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਸਕੱਤਰ ਧਾਮੀ ਨੇ ਕਿਹਾ ਕਿ ਸਰਾਂ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਜਾ ਰਹੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਹੀ ਕਾਰਜ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਮਾਮਲੇ ’ਤੇ ਵਿਵਾਦ ਨਹੀਂ ਬਣਾਉਣਾ ਚਾਹੀਦਾ, ਸਗੋਂ ਕੌਮੀ ਕਾਰਜਾਂ ਵਿਚ ਸਹਿਯੋਗੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਸੰਜੀਦਗੀ ਨਾਲ ਹੱਲ ਕਰਨ ਵਾਲਾ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਲਈ ਕਾਰਜਸ਼ੀਲ ਹੈ।

- Advertisement -

Share this Article
Leave a comment