ਅੰਮ੍ਰਿਤਸਰ: ਗੁਰੂ ਗ੍ਰੰਥ ਸਾਹਿਬ ਜੀ ਦੇ 329 ਪਾਵਨ ਸਰੂਪ ਲਾਪਤਾ ਹੋਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਹੁਣ ਇਸ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਕਿਰਨਜੋਤ ਕੌਰ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ‘ਤੇ ਵੱਡੇ ਇਲਜ਼ਾਮ ਲਗਾਏ ਹਨ। ਕਿਰਨਜੋਤ ਕੌਰ ਨੇ ਕਿਹਾ ਕਿ ਪਾਵਨ ਸਰੂਪ ਲਾਪਤਾ ਹੋਣ ਮਾਮਲੇ ‘ਚ ਪ੍ਰਧਾਨ ਲੌਂਗੋਵਾਲ ਅਤੇ ਅੰਤ੍ਰਿੰਗ ਕਮੇਟੀ ਦੀ ਜ਼ਿੰਮੇਵਾਰੀ ਬਣਦੀ ਹੈ। ਸਿਰਫ ਮੁੱਖ ਸਕੱਤਰ ਜਾਂ ਹੋਰ ਅਹੁਦੇਦਾਰਾਂ ਦੇ ਅਸਤੀਫ਼ੇ ਨਾਲ ਗੱਲ ਨਹੀਂ ਬਣਨੀ।
ਕਿਰਨਜੋਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚ ਹਰ ਫ਼ੈਸਲਾ ਪ੍ਰਧਾਨ ਦੇ ਹੁਕਮ ਨਾਲ ਹੁੰਦਾ ਹੈ ਅਤੇ ਮੁੱਖ ਸਕੱਤਰ ਫੈਸਲਿਆਂ ਨੂੰ ਲਾਗੂ ਕਰਵਾਉਣ ‘ਚ ਵਚਨਬੱਧ ਹੁੰਦੇ ਹਨ। ਅਜਿਹੇ ਵਿਚ ਸਿਰਫ ਮੁੱਖ ਸਕੱਤਰ ‘ਤੇ ਕਾਰਵਾਈ ਕਰਕੇ ਪ੍ਰਧਾਨ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ।
ਇਸ ਦੇ ਨਾਲ ਹੀ ਸਾਬਕਾ ਜਨਰਲ ਸਕੱਤਰ ਕਿਰਨਜੋਤ ਕੌਰ ਨੇ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੰਗਤਾਂ ਸਾਹਮਣੇ ਆ ਕੇ ਇਸ ਮੁੱਦੇ ‘ਤੇ ਜਵਾਬ ਦੇਣਾ ਪਵੇਗਾ। ਸ਼੍ਰੋਮਣੀ ਕਮੇਟੀ ਕੋਲ ਗੁਰੂ ਗ੍ਰੰਥ ਸਾਹਿਬ ਜੀ ਦੀ ਹਰ ਬੀੜ ਦਾ ਰਿਕਾਰਡ ਮੌਜੂਦ ਹੁੰਦਾ ਹੈ। ਪ੍ਰਧਾਨ ਨੂੰ ਸੰਗਤਾਂ ਸਾਹਮਣੇ ਇਹ ਗੱਲ ਦੱਸਣੀ ਪਵੇਗੀ ਕਿ ਇਹ ਪਾਵਨ ਸਰੂਪ ਆਖਰ ਗਏ ਕਿੱਥੇ ਹਨ।