ਅੰਮ੍ਰਿਤਸਰ : 1993 ਵਿਚ ਸ਼ਹੀਦ ਕੀਤੇ ਗਏ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਮਾਮਲਾ ਇਸ ਸਮੇਂ ਕਾਫ਼ੀ ਗਰਮਾਇਆ ਹੋਇਆ ਹੈ। SGPC ਨੇ ਐਕਸ਼ਨ ਲੈਂਦਿਆਂ ਕਨੂੰਨੀ ਕਾਰਵਾਈ ਕਰਨ ਲਈ ਕਨੂੰਨੀ ਮਾਹਿਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜਿਸ ਦੀ ਅਗਵਾਈ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਵੱਲੋਂ ਕੀਤੀ ਜਾਵੇਗੀ ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ਨਾਲ ਜੁੜੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ।
ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ’ਤੇ ਬੋਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤਤਕਾਲੀਨ ਪੁਲਿਸ ਅਫ਼ਸਰਾਂ ਨੇ ਜਥੇਦਾਰ ਕਾਉਂਕੇ ਨੂੰ ਕੋਹ ਕੋਹ ਕੇ ਸ਼ਹੀਦ ਕੀਤਾ ਪਰ ਇੰਨੇ ਲੰਬੇ ਸਮੇਂ ਤੱਕ ਕਿਸੇ ਨੇ ਉਨ੍ਹਾਂ ਦੇ ਕੇਸ ਦੀ ਫ਼ਾਈਲ ਤੋਂ ਮਿੱਟੀ ਤੱਕ ਨਹੀਂ ਝਾੜੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਣਾਈ ਗਈ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਆਪੀਐੱਸ ਬੀਪੀ ਤੀਵਾੜੀ ਵਾਲੀ ਰਿਪੋਰਟ ਦੀ ਮੁਕੰਮਲ ਘੋਖ ਕਰਕੇ ਕਨੂੰਨੀ ਕਾਰਵਾਈ ਕਰੇਗੀ। ਉਨ੍ਹਾਂ ਸਪਸ਼ਟ ਕਿਹਾ ਕਿ ਇਸ ਸਬੰਧ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇੱਕ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਾਈ ਕਾਉਂਕੇ ਫਰਜ਼ੀ ਐਨਕਾਉਂਟਰ ਮਾਮਲੇ ਵਿੱਚ ਅਕਾਲੀ ਦਲ ਨੂੰ ਘੇਰਿਆ ਸੀ। ਇਸ ਤੋਂ ਇਲਾਵਾ ਪੰਥਕ ਜਥੇਬੰਦੀਆਂ ਨੇ ਵੀ ਸ੍ਰੀ ਅਕਾਲ ਤਖਤ ਨੂੰ ਚਿੱਠੀ ਲਿਖ ਕੇ ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ । ਜਥੇਬੰਦੀਆਂ ਦਾ ਕਹਿਣਾ ਹੈ ਅਕਾਲੀ ਅਤੇ ਕਾਂਗਰਸ ਦੀ ਸਰਕਾਰਾਂ ਨੇ 25 ਸਾਲ ਤੱਕ ਇਸ ਕਾਉਂਕੇ ਦੀ ਜਾਂਚ ਰਿਪੋਰਟ ਨੂੰ ਦਬਾ ਕੇ ਰੱਖਿਆ ਸੀ।
ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੰਜੀ ਹਾਲ ਦੀਵਾਨ ਸਾਹਿਬ ਵਿਖੇ ਕਥਾ ਕਰਨ ਲਈ ਪੁੱਜੇ ਹੋਏ ਸਨ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ।