ਜਥੇਦਾਰ ਦੇ ਮੁੱਦੇ ਲਈ ਕਮੇਟੀ ਦਾ ਗਠਨ

Global Team
3 Min Read

ਜਗਤਾਰ ਸਿੰਘ ਸਿੱਧੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਭਲਕੇ ਹੋਈ ਮੀਟਿੰਗ ਨੇ ਵੱਡਾ ਪੰਥਕ ਮੁੱਦਾ ਸਪਸ਼ਟ ਕਰ ਦਿੱਤਾ ਕਿ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਸਰਗਰਮੀ ਨਾਲ ਤਿਆਰੀ ਸ਼ੁਰੂ ਹੋ ਗਈ ਹੈ। ਬੀਤੇ ਕੱਲ੍ਹ ਹੋਈ ਮੀਟਿੰਗ ਨੇ ਵਿਧੀ ਵਿਧਾਨ ਢੰਗ ਨਾਲ ਜਥੇਦਾਰ ਦੀ ਨਿਯੁਕਤੀ ਲਈ ਬਕਾਇਦਾ ਕਮੇਟੀ ਬਨਾੳਣ ਦਾ ਫ਼ੈਸਲਾ ਲੈ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਥੇਦਾਰਾਂ ਦੀ ਨਿਯੁਕਤੀ ਦੇ ਮਾਮਲੇ ਵਿੱਚ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਸੁਝਾਅ ਵੀ ਦਿੱਤੇ ਹਨ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਵਿੱਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਕਈ ਹੋਰ ਪੰਥਕ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਹੈ। ਇਸ ਤਰ੍ਹਾਂ ਸਾਰੇ ਪਾਸੇ ਤੋਂ ਆਏ ਸੁਝਾਵਾਂ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਬਣੀ ਕਮੇਟੀ ਵਿਚਾਰ ਕਰੇਗੀ ਅਤੇ ਉਸ ਵੱਲੋਂ ਤਿਆਰ ਕੀਤੀ ਰਿਪੋਰਟ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੀਟਿੰਗ ਰਾਇ ਮਸ਼ਵਰਾ ਕਰੇਗੀ ਜਿਸ ਦੀ ਰੌਸ਼ਨੀ ਵਿੱਚ ਹੀ ਫੈਸਲਾ ਲਿਆ ਜਾਵੇਗਾ।
ਹਾਲਾਂਕਿ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਪੰਥਕ ਹਲਕਿਆਂ ਵਿੱਚ ਚਰਚਾ ਸੀ ਕਿ ਕਮੇਟੀ ਦੀ ਮੀਟਿੰਗ ਕੋਈ ਵੱਡਾ ਫੈਸਲਾ ਲੈ ਸਕਦੀ ਹੈ । ਬੇਸ਼ੱਕ ਫੈਸਲਾ ਤਾਂ ਨਹੀਂ ਲਿਆ ਗਿਆ ਪਰ ਇਹ ਸਾਫ ਹੋ ਗਿਆ ਹੈ ਕਿ ਕਮੇਟੀ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਅਮਲ ਸ਼ੁਰੂ ਕਰ ਚੁੱਕੀ ਹੈ।

ਪਿਛਲੇ ਸਮੇਂ ਵਿੱਚ ਜਥੇਦਾਰਾਂ ਨੂੰ ਹਟਾਉਣ ਅਤੇ ਲਾਉਣ ਦਾ ਮਾਮਲਾ ਪੰਥਕ ਹਲਕਿਆਂ ਵਿੱਚ ਸਰਗਰਮੀ ਦਾ ਵੱਡਾ ਮੁੱਦਾ ਬਣਿਆ ਰਿਹਾ ਹੈ। ਅਸਲ ਵਿੱਚ ਤਾਂ ਦੋ ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨ ਵਲੋਂ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਤਨਖਾਹਾਂ ਲਾਉਣ ਅਤੇ ਅਕਾਲੀ ਦਲ ਦੀ ਨਵੀਂ ਭਰਤੀ ਕਰਨ ਦੇ ਫੈਸਲੇ ਬਾਅਦ ਤੇਜ਼ੀ ਨਾਲ ਪੰਥਕ ਮਾਮਲਿਆਂ ਵਿੱਚ ਟਕਰਾਅ ਦੀ ਸਥਿਤੀ ਬਣਦੀ ਨਜ਼ਰ ਆਈ। ਪਹਿਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਛੁੱਟੀ ਕੀਤੀ ਗਈ। ਉਜ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਅਹੁਦਿਆਂ ਤੋਂ ਪਾਸੇ ਹੋ ਗਏ। ਇਸ ਦੌਰਾਨ ਪ੍ਰਧਾਨ ਧਾਮੀ ਨੇ ਵੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਜੋ ਕਿ ਬਾਅਦ ਵਿੱਚ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਵਾਰ ਵਾਰ ਅਪੀਲ ਕਰਨ ਦੇ ਧਾਮੀ ਨੇ ਮੁੜ ਜਿੰਮੇਵਾਰੀ ਸੰਭਾਲੀ। ਹੁਣ ਦਮਦਮੀ ਟਕਸਾਲ ਅਤੇ ਕਈ ਹੋਰ ਪੰਥਕ ਧਿਰਾਂ ਵਲੋਂ ਜਥੇਦਾਰ ਗੜਗੱਜ ਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੋਣ ਦਾ ਵਿਰੋਧ ਕੀਤਾ ਜਾ ਰਿਹਾ ਹੈ।ਇਸ ਸਥਿਤੀ ਵਿੱਚ ਜਥੇਦਾਰਾਂ ਦੀ ਨਿਯੁਕਤੀ ਅਤੇ ਹਟਾਉਣ ਦੇ ਢੰਗ ਤਰੀਕੇ ਬਾਰੇ ਸਵਾਲ ਉੱਠ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ ਐਡ ਹਰਜਿੰਦਰ ਸਿੰਘ ਧਾਮੀ ਨੂੰ ਜਿਸ ਤਰ੍ਹਾਂ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਮਰਥਨ ਮਿਲ ਰਿਹਾ ਹੈ ਉਸ ਨਾਲ ਕਾਫ਼ੀ ਲੰਮੇ ਅਰਸੇ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਡਰਸ਼ਿਪ ਵਿੱਚ ਸਥਿਰਤਾ ਆਈ ਹੈ ਅਤੇ ਇਸ ਤਰ੍ਹਾਂ ਵੱਡੇ ਪੰਥਕ ਮੁੱਦਿਆਂ ਉਪਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਗੈਰ ਕਿਸੇ ਧੜੇ ਦੇ ਦਬਾਅ ਦੇ ਪੰਥਕ ਹਿੱਤ ਵਿੱਚ ਫੈਸਲੇ ਲੈਣ ਦੀ ਉਮੀਦ ਬੱਝੀ ਹੈ।

ਸੰਪਰਕ 9814002186

Share This Article
Leave a Comment