ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਵਿਸ਼ੇਸ਼ ਇਕੱਤਰਤਾ

Global Team
3 Min Read

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਦਰਜ ਕੀਤੀ ਐਫ.ਆਈ.ਆਰ. ਦੇ ਮਾਮਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਬੁਲਾਈ ਗਈ ਹੈ।

ਇਹ ਐਫਆਈਆਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨਾਲ ਸਬੰਧਤ ਇੱਕ ਸੰਵੇਦਨਸ਼ੀਲ ਮੁੱਦੇ ‘ਤੇ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਹ ਵਿਸ਼ੇਸ਼ ਮੀਟਿੰਗ ਤੁਰੰਤ ਬੁਲਾਉਣ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਨੇ ਦੱਸਿਆ ਕਿ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕੀਤਾ ਗਿਆ ਹੈ। ਇਹ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਵੇਗੀ। ਇਸ ਮੀਟਿੰਗ ਵਿੱਚ ਐਫਆਈਆਰ ਦੇ ਸਾਰੇ ਭਾਗਾਂ, ਇਸਦੇ ਧਾਰਮਿਕ ਅਰਥਾਂ ਅਤੇ ਇਸਦੇ ਕਾਨੂੰਨੀ ਪਹਿਲੂਆਂ ਦੀ ਸਮੀਖਿਆ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਇਸ ਮਾਮਲੇ ‘ਤੇ ਆਪਣੇ ਭਵਿੱਖ ਦੇ ਰੁਖ਼ ‘ਤੇ ਵੀ ਚਰਚਾ ਕਰੇਗੀ ਅਤੇ ਉਹ ਸਰਕਾਰ ਤੋਂ ਸਪੱਸ਼ਟੀਕਰਨ ਵੀ ਮੰਗ ਸਕਦੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀ ਕਿਹਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਦੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਪ ਜਾਂਚ ਕਰਵਾਈ ਗਈ ਸੀ ਅਤੇ ਜਾਂਚ ਪੜਤਾਲ ਦੀ ਰੀਪੋਰਟ ਅਤੇ ਸਿਫਾਰਸਾਂ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰੀਪੋਰਟ ਵਿੱਚ ਸਪੱਸ਼ਟ ਹੋ ਚੁੱਕਾ ਹੈ ਕਿ 328 ਪਾਵਨ ਸਰੂਪਾਂ ਦਾ ਮਾਮਲਾ ਬੇਅਦਬੀ ਦਾ ਨਹੀਂ ਬਲਕਿ ਕੁਝ ਮੁਲਾਜ਼ਮਾਂ ਵੱਲੋਂ ਪੈਸਿਆਂ ਦੀ ਕੀਤੀ ਹੇਰਾਫੇਰੀ ਦਾ ਹੈ। ਹੁਣ ਇਸ ਨੂੰ ਮੁੜ ਮੁੜ ਉਭਾਰਨ ਦੀ ਕੋਈ ਤੁਕ ਨਹੀਂ ਬਣਦੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment