ਸ਼੍ਰੋਮਣੀ ਕਮੇਟੀ ਦਾ 9 ਅਰਬ ਰੁਪਏ ਤੋਂ ਵੱਧ ਦਾ ਸਾਲਾਨਾ ਬਜਟ ਪਾਸ

TeamGlobalPunjab
5 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2020-21 ਦਾ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਹਾਜ਼ਰ ਮੈਬਰਾਂ ਨੇ ਜੈਕਾਰੇ ਗਜਾ ਕੇ ਪ੍ਰਵਾਨਗੀ ਦਿੱਤੀ। ਬਜਟ ਵਿੱਚ ਜਨਰਲ ਬੋਰਡ ਫੰਡ ਲਈ 57 ਕਰੋੜ ਰੁਪਏ, ਟਰੱਸਟ ਫੰਡ ਲਈ 37 ਕਰੋੜ 61 ਲੱਖ ਰੁਪਏ, ਵਿਦਿਆ ਫੰਡ 28 ਕਰੋੜ 44 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਲਈ 58 ਕਰੋੜ ਰੁਪਏ, ਪ੍ਰਿੰਟਿੰਗ ਪ੍ਰੈਸਾਂ ਲਈ 8 ਕਰੋੜ 2 ਲੱਖ ਰੁਪਏ, ਵਿਦਿਅਕ ਅਦਾਰਿਆਂ ਲਈ 2 ਅਰਬ 15 ਕਰੋੜ ਰੁਪਏ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਲਈ 87 ਲੱਖ 80 ਹਜ਼ਾਰ 500 ਰੁਪਏ, ਗੁਰਦੁਆਰਾ ਸਾਹਿਬਾਨ ਸੈਕਸ਼ਨ-85 ਲਈ 5 ਅਰਬ 77 ਕਰੋੜ ਰੁਪਏ ਰੱਖੇ ਗਏ ਹਨ। ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦਾ ਇਸ ਵਾਰ ਦਾ ਬਜਟ ਪਿਛਲੇ ਸਾਲ ਨਾਲੋਂ 18.51 ਫੀਸਦੀ ਘੱਟ ਰਿਹਾ। ਸ਼੍ਰੋਮਣੀ ਕਮੇਟੀ ਵੱਲੋਂ ਬਜਟ ਇਜਲਾਸ ਹਰ ਸਾਲ ਮਾਰਚ ਮਹੀਨੇ ਵਿਚ ਕੀਤਾ ਜਾਂਦਾ ਹੈ, ਪਰੰਤੂ ਇਸ ਵਾਰ ਕੋਰੋਨਾ ਕਾਰਨ ਸੰਭਵ ਨਹੀਂ ਸੀ ਹੋ ਸਕਿਆ। ਇਸ ਦੇ ਚੱਲਦਿਆਂ ਅੰਤ੍ਰਿੰਗ ਕਮੇਟੀ ਵੱਲੋਂ ਹੀ ਦੋ ਵਾਰ ਤਿੰਨ-ਤਿੰਨ ਮਹੀਨਿਆਂ ਦੇ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਜਾਂਦੀ ਰਹੀ ਸੀ।

ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦੁਪਹਿਰ 1:00 ਵਜੇ ਸ਼ੁਰੂ ਹੋਏ ਬਜਟ ਇਜਲਾਸ ਮੌਕੇ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ, ਜਦਕਿ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪ੍ਰੰਪਰਾ ਅਨੁਸਾਰ ਬਜਟ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਸ਼ੁਰੂ ਕੀਤੀ।

ਬਜਟ ਇਜਲਾਸ ਮਗਰੋਂ ਪ੍ਰੈੱਸ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਜਟ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਬੇਸ਼ੱਕ ਬਜਟ ਕੋਰੋਨਾ ਕਾਰਨ ਪ੍ਰਭਾਵਿਤ ਹੋਇਆ ਹੈ, ਪਰੰਤੂ ਫਿਰ ਵੀ ਬਜਟ ਸੰਗਤਾਂ ਦੀ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਹੈ। ਇਸ ਵਿਚ ਹਰ ਪੱਖ ਨੂੰ ਤਵੱਜੋਂ ਦਿੱਤੀ ਗਈ ਹੈ। ਆ ਰਹੀਆਂ ਸ਼ਤਾਬਦੀਆਂ, ਅੰਮ੍ਰਿਤਧਾਰੀ ਬੱਚਿਆਂ, ਸਿਕਲੀਗਰ ਅਤੇ ਵਣਜਾਰੇ ਸਿੱਖਾਂ, ਗੁਰਸਿੱਖ ਖਿਡਾਰੀਆਂ ਅਤੇ ਮੁਕਾਬਲਾ ਪ੍ਰੀਖਿਆਵਾਂ ਵਿਚ ਬੇਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਸਿੱਖ ਨੌਜੁਆਨਾਂ ਲਈ ਬਜਟ ਵਿਚ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਵਾਤਾਵਰਣ ਦੀ ਸ਼ੁੱਧਤਾ, ਕੁਦਰਤੀ ਆਫਤਾਂ, ਵਿਦਿਅਕ ਅਦਾਰਿਆਂ ਨਵੀਆਂ ਸੋਧਾਂ ਦੇ ਨਾਲ-ਨਾਲ ਕੁਦਰਤੀ ਖੇਤੀ ਨੂੰ ਪ੍ਰਫੁੱਲਤ ਕਰਨਾ ਬਜਟ ਦਾ ਮੁੱਖ ਏਜੰਡਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਨਵੀਂ ਪਹਿਲ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਥਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅੰਦਰ 200 ਸਿੱਖ ਲੜਕੀਆਂ ਨੂੰ ਮੁਫ਼ਤ ਵਿਦਿਆ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਬਜਟ ਵਿਚ ਇਸ ਕਾਰਜ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਇਸ ਤਹਿਤ ਦਾਖਲ ਕੀਤੀਆਂ ਜਾਣ ਵਾਲੀਆਂ ਲੜਕੀਆਂ ਵਿੱਚੋਂ 10 ਫੀਸਦੀ ਕੋਟਾ ਰਾਗੀਆਂ, ਢਾਡੀਆਂ, ਪ੍ਰਚਾਰਕਾਂ, ਗ੍ਰੰਥੀਆਂ ਅਤ ਅਖੰਡਪਾਠੀਆਂ ਦੀਆਂ ਬੱਚੀਆਂ ਲਈ ਰੱਖਿਆ ਗਿਆ ਹੈ। ਇਸ ਤੋਂ ਇਲਾਵਾ 5 ਫੀਸਦੀ ਕੋਟਾ ਆਰਥਿਕ ਤੌਰ ’ਤੇ ਕੰਮਜ਼ੋਰ ਗੁਰਸਿੱਖ ਪਰਿਵਾਰਾਂ ਦੀਆਂ ਲੜਕੀਆਂ ਲਈ ਹੋਵੇਗਾ।

ਉਨ੍ਹਾਂ ਦੱਸਿਆ ਕਿ ਆ ਰਹੀਆਂ ਸ਼ਤਾਬਦੀਆਂ ਲਈ ਬਜਟ ਵਿਚ 3 ਕਰੋੜ 45 ਲੱਖ 70 ਹਜ਼ਾਰ ਰੁਪਏ ਰੱਖੇ ਗਏ ਹਨ। ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ, ਭਾਈ ਤਾਰੂ ਸਿੰਘ ਜੀ 300 ਸਾਲਾ ਜਨਮ ਦਿਹਾੜਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਯੋਜਨਾ ਤਿਆਰ ਕੀਤੀ ਗਈ ਹੈ। ਇਸੇ ਤਰ੍ਹਾਂ ਗੁਰਸਿੱਖ ਖਿਡਾਰੀਆਂ ਅਤੇ ਖੇਡਾਂ ਲਈ 90 ਲੱਖ ਰੁਪਏ ਅਤੇ ਕੁਦਰਤੀ ਆਫਤਾਂ ਲਈ 96 ਲੱਖ ਰੁਪਏ ਰੱਖੇ ਗਏ ਹਨ। ਸਿਕਲੀਗਰ ਵਣਜਾਰੇ ਸਿੱਖਾਂ ਅਤੇ ਪੰਜਾਬ ਤੋਂ ਬਾਹਰ ਗੁਰਦੁਆਰਿਆਂ, ਸਕੂਲਾਂ ਆਦਿ ਲਈ 5 ਕਰੋੜ 30 ਲੱਖ ਰੁਪਏ, ਆਰਿਥਕ ਪੱਖੋਂ ਕੰਮਜ਼ੋਰ ਲੋਕਾਂ ਅਤੇ ਗਰੀਬ ਬੱਚਿਆਂ ਦੀ ਪੜ੍ਹਾਈ ਲਈ 1 ਕਰੋੜ 50 ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿੱਖ ਇਤਿਹਾਸ ਦੀ ਖੋਜ, ਲਿਖਾਈ ਤੇ ਛਪਾਈ ਆਦਿ ਲਈ 5 ਲੱਖ 70 ਹਜ਼ਾਰ ਰੁਪਏ ਰੱਖੇ ਹਨ। ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਿਸ਼ਨ ਅੰਬਾਲਾ ਲਈ 14 ਕਰੋੜ 20 ਲੱਖ ਰੁਪਏ ਬਜਟ ਵਿਚ ਰੱਖੇ ਗਏ ਹਨ। ਅੰਮ੍ਰਿਤਧਾਰੀ ਬੱਚਿਆਂ ਦੀ ਪੜ੍ਹਾਈ ਲਈ ਵੀ ਪ੍ਰਬੰਧ ਕੀਤਾ ਗਿਆ ਹੈ।

ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਬੀਬੀ ਕਿਰਨਜੋਤ ਕੌਰ, ਸੇਵਾ ਸਿੰਘ ਸੇਖਵਾਂ, ਗੁਰਪ੍ਰੀਤ ਸਿੰਘ ਰੰਧਾਵਾ ਅਤੇ ਬਲਵਿੰਦਰ ਸਿੰਘ ਬੈਂਸ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Share This Article
Leave a Comment