ਅੰਮ੍ਰਿਤਸਰ : ਕੇਂਦਰ ਸਰਕਾਰ ਖ਼ਿਲਾਫ਼ ਕਿਸਾਨੀ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ । ਇਸੇ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਵੱਲੋਂ ਇਕ ਅਜਿਹਾ ਬਿਆਨ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਦਰਅਸਲ ਹਰਜੀਤ ਗਰੇਵਾਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਅੰਦੋਲਨ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਰਡ਼ੇ ਸ਼ਬਦਾਂ ਵਿੱਚ ਜਵਾਬ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਕਿਸਾਨ ਅੰਦੋਲਨ ਵਿਚ ਸਾਥ ਦਿੰਦਿਆਂ ਉੱਥੇ ਲੰਗਰ ਲਗਾਏ ਗਏ ਹਨ ਅਤੇ ਕਿਸਾਨਾਂ ਦੇ ਰਹਿਣ ਦੇ ਲਈ ਟੈਂਟਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਰਜੀਤ ਗਰੇਵਾਲ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ । ਇਸ ਬਿਆਨ ਦੀ ਨਿੰਦਾ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਸ ਸਮੇਂ ਪਰਜਾ ਉੱਪਰ ਬਾਬਰ ਵੱਲੋਂ ਅੱਤਿਆਚਾਰ ਕੀਤਾ ਜਾ ਰਿਹਾ ਸੀ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਜਾਬਰ ਕਹਿ ਕੇ ਉਸ ਨੂੰ ਲਲਕਾਰਿਆ ਗਿਆ ਸੀ ਅਤੇ ਅੱਜ ਉਸੇ ਸਿਧਾਂਤ ਤੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੀ ਮਦਦ ਕੀਤੀ ਜਾ ਰਹੀ ਹੈ । ਉਨ੍ਹਾਂ ਹਰਜੀਤ ਗਰੇਵਾਲ ਨੂੰ ਆੜੇ ਹੱਥੀਂ ਲੈਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੀ ਫਰਜ਼ ਹਨ ਇਸ ਦਾ ਉਨ੍ਹਾਂ ਨੂੰ ਬਾਖ਼ੂਬੀ ਅੰਦਾਜ਼ਾ ਹੈ ।