ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਐਲਾਨ ਕੀਤਾ। ਉਹਨਾਂ ਨੇ ਸਪੱਸ਼ਟ ਕੀਤਾ ਕਿ ਉਹ ਆਪਣੇ ਫੈਸਲੇ ‘ਤੇ ਟਿਕੇ ਰਹਿਣਗੇ ਅਤੇ ਕਿਸੇ ਵੀ ਹਾਲਤ ਵਿੱਚ ਅਸਤੀਫਾ ਵਾਪਸ ਨਹੀਂ ਲੈਣਗੇ।
ਕਿਉਂ ਦਿੱਤਾ ਸੀ ਅਸਤੀਫ਼ਾ?
ਗਿਆਨੀ ਰਘਬੀਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਪੋਸਟ ਪਾਉਣ ਤੋਂ ਬਾਅਦ, ਧਾਮੀ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਮਾਮਲਾ ਐਸ.ਜੀ.ਪੀ.ਸੀ ਵਿੱਚ ਨਵੇਂ ਵਿਵਾਦ ਨੂੰ ਜਨਮ ਦੇ ਚੁੱਕਾ ਹੈ। 18 ਮਾਰਚ ਤੋਂ ਸ਼ੁਰੂ ਹੋਣ ਵਾਲੀ ਭਰਤੀ ਮੁਹਿੰਮ ਬਾਰੇ, ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਆਖ਼ਰੀ ਫ਼ੈਸਲਾ ਅਕਾਲੀ ਦਲ ਦੀ ਵਰਕਿੰਗ ਕਮੇਟੀ ਲਵੇਗੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਹੋਈ ਮੁਲਾਕਾਤ ਦੌਰਾਨ, ਧਾਮੀ ਨੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਹਾਲਾਂਕਿ, ਉਨ੍ਹਾਂ ਨੇ ਅਸਤੀਫ਼ੇ ਬਾਰੇ ਕੋਈ ਤਬਦੀਲੀ ਨਾ ਹੋਣ ਦੀ ਪੁਸ਼ਟੀ ਕਰ ਦਿੱਤੀ।
ਇਸ ਤਾਜ਼ਾ ਬਿਆਨ ਨੇ ਐਸ.ਜੀ.ਪੀ.ਸੀ ਦੀ ਅੰਦਰੂਨੀ ਰਾਜਨੀਤੀ ਨੂੰ ਹੋਰ ਭਖਾ ਦਿੱਤਾ ਹੈ। ਹੁਣ ਸਭ ਦੀ ਨਿਗਾਹ ਅਕਾਲੀ ਦਲ ਦੀ ਆਉਣ ਵਾਲੀ ਵਰਕਿੰਗ ਕਮੇਟੀ ਮੀਟਿੰਗ ‘ਤੇ ਟਿਕੀ ਹੋਈ ਹੈ।