ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਰਵਾਨਾ ਕੀਤੀਆਂ ਸਪਰੇਅ ਮਸ਼ੀਨਾਂ

Global Team
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅੱਜ 10 ਸਪਰੇਅ ਮਸ਼ੀਨਾਂ ਵੱਖ-ਵੱਖ ਇਲਾਕਿਆਂ ਲਈ ਭੇਜੀਆਂ ਗਈਆਂ। ਇਸ ਸਬੰਧੀ ਗੱਲ ਕਰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਕਾਰਜ ਲਗਾਤਾਰ ਚੱਲ ਰਹੇ ਹਨ, ਉਥੇ ਹੀ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਵਿਚ ਬਿਮਾਰੀਆਂ ਫੈਲਣ ਦੇ ਖਦਸ਼ੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਸਪਰੇਅ ਮਸ਼ੀਨਾਂ ਰਾਹੀਂ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਮਾਨਯੋਗ ਪ੍ਰਧਾਨ ਸਾਹਿਬ ਦੀਆਂ ਹਦਾਇਤਾਂ ’ਤੇ ਅੱਜ 10 ਸਪਰੇਅ ਮਸ਼ੀਨਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀਆਂ ਗਈਆਂ ਹਨ ਅਤੇ ਅਗਲੇ ਦਿਨਾਂ ਵਿਚ ਹੋਰ ਮਸ਼ੀਨਾਂ ਵੀ ਭੇਜੀਆਂ ਜਾਣਗੀਆਂ। ਇਹ ਮਸ਼ੀਨਾਂ ਜਰੱਈਏ ਹਰ ਪਿੰਡ ਤੱਕ ਪਹੁੰਚ ਕਰਕੇ ਦਵਾਈ ਦਾ ਛਿੜਕਾਅ ਕੀਤਾ ਜਾਵੇਗਾ, ਤਾਂ ਜੋ ਮੱਛਰ ਅਤੇ ਹੋਰ ਜ਼ਹਿਰੀਲੇ ਕੀੜਿਆਂ ਤੋਂ ਬਚਾਅ ਹੋ ਸਕੇ।

ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਨ੍ਹਾਂ ਸਪਰੇਅ ਮਸ਼ੀਨਾਂ ਦੀ ਸੇਵਾ ਜਲੰਧਰ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਵਿਚ ਸਤਪਾਲ ਸਿੰਘ ਮੁਲਤਾਨੀ ਰਿਚੀ ਟਰੈਵਲ, ਅਮਰਬੀਰ ਸਿੰਘ ਮੌਂਟੀ, ਗੁਰਦੀਪ ਸਿੰਘ ਰਾਵੀ, ਇੰਦਰਪ੍ਰੀਤ ਸਿੰਘ ਕਾਲੜਾ ਅਤੇ ਬੀਬੀ ਬਰਿੰਦਰ ਕੌਰ ਹੋਠੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਜਿਥੇ ਸ਼੍ਰੋਮਣੀ ਕਮੇਟੀ ਵੱਡੀਆਂ ਸੇਵਾਵਾਂ ਕਰ ਰਹੀ ਹੈ, ਉਥੇ ਹੀ ਸੰਗਤਾਂ ਵੱਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਰਾਹਤ ਕਾਰਜ ਵਿਚ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।

Share This Article
Leave a Comment