SGPC ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

Global Team
3 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ ਅਤੇ ਪ੍ਰਚਾਰਕ ਭਾਈ ਕਲਿਆਣ ਸਿੰਘ ਰਾਹੀਂ ਜਾਂਚ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿੰਡ ਵਾਸੀਆਂ ਵੱਲੋਂ ਮੁਕੇਰੀਆਂ ਪੁਲਿਸ ਥਾਣੇ ਵਿਚ ਪਰਚਾ ਦਰਜ ਕਰਵਾ ਦਿਤਾ ਗਿਆ ਹੈ ਪਰ ਸ਼੍ਰੋਮਣੀ ਕਮੇਟੀ ਇਸ ਵਿਚ ਹਰ ਪੱਧਰ ਉਤੇੇ ਸੰਗਤ ਨੂੰ ਸਹਿਯੋਗ ਦੇਵੇਗੀ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾ ਸਕੇ।

 

ਉਨ੍ਹਾਂ ਕਿਹਾ ਪੁਲਿਸ ਪ੍ਰਸ਼ਾਸਨ ਦੀ ਜੁੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀਆਂ ਦੀ ਭਾਲ ਕਰੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਦੇ ਰੋਸ ਅਤੇ ਰੋਹ ਦੀ ਜੁੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਵੀ ਨਸ਼ਰ ਕੀਤਾ ਜਾਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਦੀ ਢਿੱਲੀ ਕਾਰਗੁਜਾਰੀ ਕਰਕੇ ਦੋਸ਼ੀ ਬਚ ਨਿਕਲਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment