ਅੰਮ੍ਰਿਤਸਰ : ਪੰਜਾਬ ਦੇ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਦੇ ਵੱਲੋਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 21 ਦਸੰਬਰ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਐਲਾਨ ਕੀਤੇ ਜਾਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸੰਬਰ ਮਹੀਨਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ‘ਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਚੋਣਾਂ ਜਨਵਰੀ ਵਿੱਚ ਕਰਵਾਏ ਜਾਣ ਲਈ ਪਹਿਲਾਂ ਹੀ ਪੱਤਰ ਲਿਖਿਆ ਗਿਆ ਸੀ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਦਰਕਿਨਾਰ ਕਰਕੇ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਚੋਣਾਂ ਜਨਵਰੀ ਮਹੀਨੇ ਵਿੱਚ ਕਰਵਾਉਂਦੀ ਅਤੇ ਇਸ ਸਬੰਧੀ ਪਹਿਲਾਂ ਹੀ ਚੋਣ ਕਮਿਸ਼ਨ ਨੂੰ ਸਪਸ਼ਟ ਕਰਦੀ। ਐਡਵੋਕੇਟ ਧਾਮੀ ਨੇ ਕਿਹਾ ਕਿ 22 ਦਸੰਬਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਸਬੰਧ ਵਿੱਚ 21 ਦਸੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੇ ਸਮਾਗਮ ਆਰੰਭ ਹੋਣਗੇ। ਉਸੇ ਦਿਨ ਪੰਜਾਬ ਸਰਕਾਰ ਵੱਲੋਂ ਚੋਣਾਂ ਕਰਵਾਈਆਂ ਜਾਣੀਆਂ ਸਿੱਖ ਭਾਵਨਾਵਾਂ ਦੇ ਬਿਲਕੁਲ ਵਿਰੁੱਧ ਹਨ।ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੀ ਤਰੀਕ ਬਦਲ ਕੇ ਜਨਵਰੀ 2025 ਵਿਚ ਨਿਰਧਾਰਤ ਕੀਤੀ ਜਾਵੇ।
ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਵਿੱਚ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਇਹਨਾਂ ਦੇ ਵਿੱਚ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਗਵਾੜਾ ਅਤੇ ਪਟਿਆਲਾ ਸ਼ਾਮਿਲ ਹਨ। ਇਹਨਾਂ ਦੇ ਵਿੱਚ ਨਾਮਜਦਗੀਆਂ ਯਾਨੀ ਕਿ ਕੱਲ ਤੋਂ ਸ਼ੁਰੂ ਹੋ ਜਾਣਗੀਆਂ ਤੇ ਨਾਮਜਦਗੀ ਪ੍ਰਕਿਰਿਆ 13 ਦਿਸੰਬਰ ਤੱਕ ਜਾਰੀ ਰਹੇਗੀ।ਇਸ ਤੋਂ ਬਾਅਦ 14 ਦਸੰਬਰ ਨੂੰ ਨਾਮਜਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਜਦਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।