Breaking News

ਸ਼ਬਦ ਵਿਚਾਰ -107 ਜਪੁਜੀ ਸਾਹਿਬ – ਪਉੜੀ 31- ਡਾ. ਗੁਰਦੇਵ ਸਿੰਘ

ਸ਼ਬਦ ਵਿਚਾਰ – 107

ਜਪੁਜੀ ਸਾਹਿਬਪਉੜੀ 31

ਡਾ. ਗੁਰਦੇਵ ਸਿੰਘ*

ਅਕਾਲ ਪੁਰਖ ਅਜਿਹਾ ਦਾਤਾ ਹੈ ਜੋ ਕਦੀ ਵੀ ਦਾਤਾਂ ਦਿੰਦੇ ਥੱਕਦਾ ਨਹੀਂ। ਕੀ ਉਸ ਦੇ ਭੰਡਾਰੇ ਖਾਲੀ ਨਹੀਂ ਹੁੰਦੇ। ਕੀ ਉਹ ਸਭ ਨੂੰ ਦਾਤਾਂ ਵੰਡਦਾ ਹੈ ਤੇ ਪਾਲਣਾ ਕਰਦਾ ਹੈ? ਕਿਹੋ ਜਿਹਾ ਹੈ ਉਸ ਦਾ ਸਿਧਾਂਤ ਇਸ ਸੰਬੰਧੀ ਗੁਰਬਾਣੀ ਸਾਨੂੰ ਸੇਧ ਦਿੰਦੀ ਹੈ। ਸ਼ਬਦ ਵਿਚਾਰ ਦੀ ਚੱਲ ਰਹੀ ਲੜੀਵਾਰ ਸ਼ਬਦ ਵਿਚਾਰ ਅਧੀਨ ਅੱਜ ਅਸੀਂ ਜਪੁ ਜੀ ਸਾਹਿਬ ਦੀ 31ਵੀਂ ਪਉੜੀ ਦੀ ਵਿਚਾਰ ਕਰਾਂਗੇ।

ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥

ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥

ਪਦ ਅਰਥਆਸਣੁ = ਟਿਕਾਣਾ। ਲੋਇ = ਲੋਕ ਵਿਚ। ਲੋਇ ਲੋਇ = ਹਰੇਕ ਭਵਨ ਵਿਚ। ਆਸਣੁ ਭੰਡਾਰ = ਭੰਡਾਰਿਆਂ ਦਾ ਟਿਕਾਣਾ। ਪਾਇਆ = ਤਉ ਅਕਾਲ ਪੁਰਖ ਨੇ ਪਾ ਦਿੱਤਾ ਹੈ। ਕਰਿ ਕਰਿ = (ਜੀਵਾਂ ਨੂੰ) ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਜਣਹਾਰੁ = ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ। ਸਾਚੀ = ਸਦਾ ਅਟੱਲ ਰਹਿਣ ਵਾਲੀ, ਉਕਾਈ ਤੋਂ ਖ਼ਾਲੀ।

ਵਿਆਖਿਆ ਅਕਾਲ ਪੁਰਖ ਦੇ ਭੰਡਾਰਿਆਂ ਦਾ ਟਿਕਾਣਾ ਹਰੇਕ ਭਵਨ ਵਿਚ ਹੈ (ਭਾਵ, ਹਰੇਕ ਭਵਨ ਵਿਚ ਅਕਾਲ ਪੁਰਖ ਦੇ ਭੰਡਾਰੇ ਚੱਲ ਰਹੇ ਹਨ)। ਜੋ ਕੁਝ (ਅਕਾਲ ਪੁਰਖ ਨੇ ਉਹਨਾਂ ਭੰਡਾਰਿਆਂ ਵਿਚ) ਪਾਇਆ ਹੈ ਇਕੋ ਵਾਰੀ ਪਾ ਦਿੱਤਾ ਹੈ, (ਭਾਵ, ਉਸ ਦੇ ਭੰਡਾਰੇ ਸਦਾ ਅਖੁੱਟ ਹਨ) । ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ (ਜੀਵਾਂ ਨੂੰ) ਪੈਦਾ ਕਰ ਕੇ (ਉਹਨਾਂ ਦੀ) ਸੰਭਾਲ ਕਰ ਰਿਹਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲੇ (ਅਕਾਲ ਪੁਰਖ) ਦੀ (ਸ੍ਰਿਸ਼ਟੀ ਦੀ ਸੰਭਾਂਲ ਵਾਲੀ) ਇਹ ਕਾਰ ਸਦਾ ਅਟੱਲ ਹੈ (ਉਕਾਈ ਤੋਂ ਖ਼ਾਲੀ ਹੈ) ।

ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥

ਵਿਆਖਿਆ (ਸੋ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ ਜੋ (ਸਭ ਦਾ) ਮੁੱਢ ਹੈ, ਜੋ ਸੁੱਧ-ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ) , ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ (ਇਹੀ ਹੈ ਤਰੀਕਾ, ਜਿਸ ਨਾਲ ਉਸ ਪ੍ਰਭੂ ਨਾਲੋਂ ਵਿੱਥ ਮਿਟ ਸਕਦੀ ਹੈ)।

ਜਪੁ ਜੀ ਸਾਹਿਬ ਦੀ ਇਸ ਪਉੜੀ ਵਿੱਚ ਗੁਰੂ ਸਾਹਿਬ ਮਨੁੱਖ ਸਮਝਾਂ ਰਹੇ ਹਨ ਕਿ ਬੰਦਗੀ ਦੀ ਬਰਕਤਿ ਨਾਲ ਹੀ ਇਹ ਸਮਝ ਪੈਂਦੀ ਹੈ ਕਿ ਭਾਵੇਂ ਕਰਤਾਰ ਦੀ ਪੈਦਾ ਕੀਤੀ ਹੋਈ ਸ੍ਰਿਸ਼ਟੀ ਬੇਅੰਤ ਹੈ, ਫਿਰ ਭੀ ਇਸ ਦੀ ਪਾਲਣਾ ਕਰਨ ਲਈ ਉਸ ਦੇ ਭੰਡਾਰੇ ਭੀ ਬੇਅੰਤ ਹਨ, ਕਦੀ ਮੁੱਕ ਨਹੀਂ ਸਕਦੇ। ਪਰਮਾਤਮਾ ਦੇ ਇਸ ਪਰਬੰਧ ਦੇ ਰਾਹ ਵਿਚ ਕੋਈ ਰੋਕ ਨਹੀਂ ਪੈ ਸਕਦੀ। ਸ਼ਬਦ ਵਿਚਾਰ ਦੀ ਅਗਲੀ ਲੜੀ ਵਿੱਚ ਜਪੁਜੀ ਸਾਹਿਬ ਦੀ 32ਵੀਂ ਪਉੜੀ ਦੀ ਵਿਚਾਰ ਕਰਾਂਗੇ। ਇਸ ਸਬੰਧੀ ਆਪ ਜੀ ਦਾ ਜੇ ਕੋਈ ਵਿਚਾਰ ਹੋਵੇ ਤਾਂ ਸਾਡੇ ਨਾਲ ਜ਼ਰੂਰ ਸਾਂਝਾ ਕਰੋ ਜੀ।

*gurdevsinghdr@gmail.com

Check Also

ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (31st May, 2023)

ਬੁੱਧਵਾਰ, 17 ਜੇਠ (ਸੰਮਤ 555 ਨਾਨਕਸ਼ਾਹੀ) 31 ਮਈ, 2023  ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ …

Leave a Reply

Your email address will not be published. Required fields are marked *