ਅੰਮ੍ਰਿਤਸਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਤੋਂ ਆਪਣੇ ਅਗਲੇ ਪੜਾਅ ਗੜ੍ਹ ਮੁਕਤੇਸ਼ਵਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਬਾਣੀ ਗੁਰ-ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਤੋਂ ਆਰੰਭ ਹੋ ਕੇ ਚੋਰਾਹਾ, ਕਨਕਪੁਰ, ਸਵਾਰ, ਬਿਲਾਸਪੁਰ, ਰਾਮਪੁਰ, ਮੁਰਾਦਾਬਾਦ, ਗਜਰੌਲਾ ਤੋਂ ਹੁੰਦਾ ਹੋਇਆ ਗੜ੍ਹ ਮੁਕਤੇਸ਼ਵਰ ਵਿਖੇ ਪੁੱਜਾ। ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਤਸ਼ਾਹ ਨਾਲ ਸਵਾਗਤ ਕੀਤਾ।
ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੜ੍ਹ ਮੁਕਤੇਸ਼ਵਰ ਵਿਖੇ ਰੁਕੇਗਾ, ਜਿਥੋਂ 10 ਸਤੰਬਰ ਨੂੰ ਅਗਲੇ ਪੜਾਅ ਗਰੁਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਗੁਰੂ ਕਾ ਤਾਲ, ਆਗਰਾ ਲਈ ਰਵਾਨਾ ਹੋਵੇਗਾ।