ਚੰਡੀਗੜ੍ਹ: ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਗ਼ੈਰਕਾਨੂੰਨੀ ਸ਼ਰਾਬ ਤਸਕਰੀ ਮਾਮਲੇ ‘ਚ ਕੈਪਟਨ ਸਰਕਾਰ ਨੂੰ ਘੇਰਿਆ ਹੈ। ਦੂਲੋ ਨੇ ਕਿਹਾ ਕਿ ਹੁਣ ਗ਼ੈਰਕਾਨੂੰਨੀ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਐਸਆਇਟੀ ਦਾ ਗਠਨ ਕਰ ਕੇ ਕਮੇਟੀ ਦਾ ਚੇਅਰਮੈਨ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਜਿਸ ਨਾਲ ਮੁੱਖ ਮੰਤਰੀ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਸਰਕਾਰੀਆ ਖੁਦ ਸ਼ਰਾਬ ਕਾਰੋਬਾਰੀ ਸਨ।
ਦੂਲੋ ਨੇ ਕਿਹਾ ਕਿ ਜਦੋਂ ਮੈਂ ਐਕਸਾਈਜ਼ ਐਂਡ ਟੈਕਸੇਸ਼ਨ ਮੰਤਰੀ ਸੀ ਉਦੋਂ ਬਤੋਰ ਠੇਕੇਦਾਰ ਸਰਕਾਰੀਆ ਮੈਨੂੰ ਮਿਲਣ ਆਉਂਦੇ ਸਨ ਦੂਲੋ ਨੇ ਇਸ ਸਬੰਧੀ ਮੁੱਖ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ। ਦੂਲੋ ਨੇ ਮੁਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਸੀਬੀਆਈ ਜਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਮਾਮਲੇ ਦੀ ਜਾਂਚ ਕਰਵਾਈ ਜਾਵੇ ਤਾ ਕਿ ਅਸਲ ਦੋਸ਼ੀਆਂ ਖ਼ਿਲਾਫ਼ ਕਰਵਾਈ ਹੋ ਸਕੇ ਦੂਲੋ ਨੇ ਕਿਹਾ ਕਿ ਮੁਖ ਦੋਸ਼ੀਆਂ ਨੇ ਖਜਾਨੇ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।
ਦੂਲੋ ਨੇ ਸਪੱਸ਼ਟ ਕਿਹਾ ਕਿ ਕੈਪਟਨ ਦੇ ਰਾਜ ਵਿੱਚ ਨਸ਼ਾ ਘਟਣ ਦੀ ਬਜਾਏ ਵਧ ਰਿਹਾ ਹੈ, ਜਦਕਿ ਕੈਪਟਨ ਨੇ ਹੱਥ ਵਿੱਚ ਗੁਟਖਾ ਸਾਹਿਬ ਲੈ ਕੇ 4 ਹਫ਼ਤੇ ਵਿੱਚ ਨਸ਼ਾ ਖਤਮ ਕਰਨ ਦੀ ਸਹੁੰ ਖਾਈ ਸੀ।
ਇਸ ਤੋਂ ਇਲਾਵਾ ਦੂਲੋ ਨੇ ਕਿਹਾ ਕਿ ਮੁੱਖ ਮੰਤਰੀ ਗ਼ੈਰਕਾਨੂੰਨੀ ਸ਼ਰਾਬ ਕਾਰੋਬਾਰੀਆਂ ‘ਤੇ ਕਾਰਵਾਈ ਕਰਨ ਦੀ ਬਿਜਾਏ ਉਨ੍ਹਾਂ ਦੇ ਕਾਰਨਾਮਿਆਂ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਕੈਪਟਨ ਨੇ ਲੋਕਾਂ ਦੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਵਿਸ਼ੇਸ਼ ਜਾਂਚ ਟੀਮ ਬਣਾਏ ਜਾਣ ‘ਤੇ ਵੀ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਬਰਗਾੜੀ ਮਾਮਲੇ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਐਸਆਈਟੀ ਬਣਾਈ ਸੀ ਪਰ ਅਜੇ ਤੱਕ ਮੁੱਖ ਦੋਸ਼ੀਆਂ ਨੂੰ ਅੰਦਰ ਨਹੀਂ ਕੀਤਾ ਗਿਆ ਜਿਸ ਤੋਂ ਲੱਗਦਾ ਹੈ ਕਿ ਪੰਜਾਬ ਵਿੱਚ ਅਕਾਲੀਆਂ ਅਤੇ ਕਾਂਗਰਸ ਸਰਕਾਰ ਦੀ ਮਿਲੀ ਭੁਗਤ ਹੈ।