ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਰਹਿਣਗੇ ਬੰਦ- ਬੀਬੀ ਜਗੀਰ ਕੌਰ

TeamGlobalPunjab
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ ਵੀ ਇਕ ਦਿਨ ਦਾ ਵਿਸ਼ਰਾਮ ਕਰੇਗਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੈ ਅਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ। ਉਨ੍ਹਾਂ ਕਿਹਾ ਕਿ ਇਸ ਦਿਨ ਦਿੱਲੀ ਲਈ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜਾ ਨਗਰ ਕੀਰਤਨ ਵੀ ਇਥੇ ਹੀ ਇਕ ਦਿਨ ਲਈ ਰੁਕ ਕੇ 27 ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 26 ਤੋਂ ਬਾਅਦ ਹਰ ਪੜਾਅ ’ਤੇ ਇਕ ਦਿਨ ਦੇ ਫ਼ਰਕ ਨਾਲ ਹੀ ਨਗਰ ਕੀਰਤਨ ਦੇ ਸਵਾਗਤ ਦਾ ਪ੍ਰਬੰਧ ਕਰਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੀ ਅੜ੍ਹੀ ਛੱਡਣੀ ਚਾਹੀਦੀ ਹੈ ਅਤੇ ਕਿਸਾਨ ਵਿਰੁੱਧੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਰ-ਸੰਜੀਦਗੀ ਸਰਕਾਰਾਂ ਨੂੰ ਸ਼ੋਭਾ ਨਹੀਂ ਦਿੰਦੀ। ਸਰਕਾਰਾਂ ਦਾ ਫ਼ਰਜ਼ ਹੈ ਕਿ ਹਰ ਵਰਗ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਪੂਰੀ ਤਰ੍ਹਾਂ ਨਾਲ ਹੈ ਅਤੇ ਕਿਸਾਨਾਂ ਲਈ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।

Share This Article
Leave a Comment