ਸੁਖਬੀਰ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਸ੍ਰੋਮਣੀ ਅਕਾਲੀ ਦਲ ਦਾ ਪਹਿਲਾ ਪ੍ਰਤੀਕਰਮ,ਪੁਲਿਸ ਨੇ ਸੇਵਾਦਾਰ ਨੂੰ ਲਿਆ ਹਿਰਾਸਤ ‘ਚ

Global Team
3 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ ਹੈ। ਫਿਲਹਾਲ ਉਨ੍ਹਾਂ ਦਾ ਉਥੋਂ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਸ. ਸੁਖਬੀਰ ਸਿੰਘ ਬਾਦਲ ਨਾਂਦੇੜ ਜ਼ਿਲ੍ਹੇ ਦੇ ਮੁਖੇਡ ਤਹਿਸੀਲ ਅਧੀਨ ਪੈਂਦੇ ਮੁਗਟ ਪਿੰਡ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਦਰਸ਼ਨ ਕਰਨ ਤੋਂ ਬਾਅਦ ਬਾਹਰ ਆ ਰਹੇ ਸਨ। ਇਸ ਦੌਰਾਨ ਇੱਕ ਸਿੱਖ ਸੇਵਾਦਾਰ ਨੇ ਉਨ੍ਹਾਂ ਦੇ ਹੱਥ ‘ਤੇ ਖੰਜਰ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ।

ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਲਈ ਤਾਇਨਾਤ SPU ਦੇ ਪੁਲਿਸ ਇੰਸਪੈਕਟਰ ਸੰਤੋਸ਼ ਕੇਂਦਰੇ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।  ਉਨ੍ਹਾਂ ਦੇ ਹੱਥ ‘ਤੇ ਵੀ ਸੱਟ ਲੱਗੀ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਯਸ਼ੋਦਾਈ ਹਸਪਤਾਲ, ਨਾਂਦੇੜ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਪ੍ਰੈਸ ਨੋਟ ਅਨੁਸਾਰ ਦੋਵਾਂ ਦੀ ਹਾਲਤ ਇਸ ਸਮੇਂ ਠੀਕ ਦੱਸੀ ਜਾ ਰਹੀ ਹੈ।

ਨਾਂਦੇੜ ਪੁਲਿਸ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਸੇਵਾਦਾਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਸ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਹਮਲੇ ਨਾਲ ਸਬੰਧਿਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਹੋਏ ਸਨ। ਘਟਨਾ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਨੇ ਇਸ ਘਟਨਾ ਸੰਬੰਧੀ ਇੱਕ ਵੀਡੀਓ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨਾਂਦੇੜ ਵਿੱਚ ਸ਼੍ਰੀ ਹਜ਼ੂਰ ਸਾਹਿਬ ਦਰਬਾਰ ਵਿੱਚ ਮੱਥਾ ਟੇਕਣ ਗਏ ਸਨ। ਉੱਥੇ ਉਨ੍ਹਾਂ ‘ਤੇ ਨਿਹੰਗ ਦੇ ਪਹਿਰਾਵੇ ਵਿੱਚ ਇੱਕ ਵਿਅਕਤੀ ਨੇ ਹਮਲਾ ਕੀਤਾ ਹੈ। ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਰੋਕਿਆ। ਸੁਖਬੀਰ ਬਾਦਲ ਦੇ ਹੱਥ ਵਿੱਚ ਮਾਮੂਲੀ ਸੱਟ ਲੱਗੀ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ। ਇਹ ਸੰਪਰਦਾਇਕ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਮਹਾਰਾਸ਼ਟਰ ਪੁਲਿਸ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment