ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਫ਼ਿਲਮਾਂ ਬਣਾਉਣ ਦੀਆਂ ਤਿਆਰੀਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਗਿਆ ਮੰਗ ਪੱਤਰ

TeamGlobalPunjab
4 Min Read

ਅੰਮ੍ਰਿਤਸਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਧਾਰਮਿਕ ਫ਼ਿਲਮਾਂ ਬਣਾਉਣ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਉਲੀਕਿਆ ਜਾ ਰਿਹਾ ਪ੍ਰਾਜੈਕਟ ਵਿਵਾਦਾਂ ਦੇ ਘੇਰੇ ਵਿਚ ਆ ਗਿਆ ਹੈ। ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਸਮਕਾਲੀ ਗੁਰਸਿੱਖਾਂ ਬਾਰੇ ਫ਼ਿਲਮਾਂ ਬਣਾਉਣ ਦੇ ਫ਼ੈਸਲੇ ਨੂੰ ਸਿੱਖ ਸਿਧਾਂਤਾਂ ਦੇ ਉਲਟ ਦੱਸਦਿਆਂ ਫੈਡਰੇਸ਼ਨ ਆਗੂ ਪ੍ਰੋ. ਸਰਚਾਂਦ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਫ਼ਿਲਮਾਂਕਣ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਵੱਲੋਂ ਫ਼ਿਲਮਾਂ ਬਣਾਉਣ ਸਬੰਧੀ ਕਮੇਟੀ ਵਿਚ ਦੋ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਸ਼ਾਮਲ ਕਰਨ ‘ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।

ਇਸ ਸਬੰਧੀ ਮੀਡੀਆ ਨੂੰ ਜਾਰੀ ਇਕ ਬਿਆਨ ਵਿਚ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਬੀਬੀ ਜਗੀਰ ਕੌਰ ਗੁਰੂ ਸਾਹਿਬਾਨ ਵੱਲੋਂ ਸ਼ਹਾਦਤਾਂ ਰਾਹੀਂ ਸਿਰਜੀ ਵਿਰਾਸਤ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਸਮਕਾਲੀ ਸਿੱਖਾਂ ਬਾਰੇ ਫ਼ਿਲਮਾਂ ਬਣਾਉਣ ਦਾ ਫ਼ੈਸਲਾ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਿਛਲੇ ਸਮਿਆਂ ਦੌਰਾਨ ਹੋਏ ਆਦੇਸ਼ਾਂ ਦੀ ਖ਼ੁਦ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਲਮਾਂ ਦੁਆਰਾ ਧਰਮ ਪ੍ਰਚਾਰ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ। ਇਸੇ ਕਾਰਨ ਹੀ ਸਿੱਖੀ ਸਿਧਾਂਤਾਂ ਦੀ ਸੁਰੱਖਿਆ ਹਿਤ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸਲਾਹਕਾਰ ਕਮੇਟੀ ਨੇ 20 ਫਰਵਰੀ, 1934 ਨੂੰ ਇਕ ਮਤਾ ਪਾਸ ਕੀਤਾ ਸੀ ਕਿ ਗੁਰੂ ਸਾਹਿਬਾਨ , ਸਿੱਖ ਸ਼ਹੀਦਾਂ ਆਦਿ ਮਹਾਂਪੁਰਖਾਂ ਦੀਆਂ ਇਤਿਹਾਸਕ ਸਾਖੀਆਂ ਦੇ ਸੀਨਜ਼ ਅਤੇ ਸਿੱਖ ਸੰਸਕਾਰਾਂ ਦੀਆਂ ਨਕਲਾਂ ਦੀਆਂ ਫ਼ਿਲਮਾਂ ਬਣਾਉਣੀਆਂ ਸਿੱਖ ਅਸੂਲਾਂ ਦੇ ਵਿਰੁੱਧ ਹੈ। ਇਸੇ ਤਰਾਂ ਸ਼੍ਰੋਮਣੀ ਕਮੇਟੀ ਦੀ ਨੇ 7 ਅਗਸਤ 1940 ਨੂੰ ਅਤੇ 30 ਮਈ 2003 ਅੰਤ੍ਰਿਗ ਕਮੇਟੀ ਵਿਚ ਮਤਾ ਪਾਸ ਕਰਕੇ ਗੁਰੂ ਸਾਹਿਬਾਨ, ਪੰਜ ਪਿਆਰੇ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਸਬੰਧੀ ਧਾਰਮਿਕ ਫ਼ਿਲਮਾਂ ਬਣਾਉਣ ‘ਤੇ ਮਨਾਹੀ ਲਾਈ ਸੀ।

ਉਨ੍ਹਾਂ ਕਿਹਾ ਕਿ ਬੀਤੇ ਦੌਰਾਨ ਜਦੋਂ ਵੀ ਗੁਰੂ ਸਾਹਿਬਾਨ ਅਤੇ ਸਮਕਾਲੀ ਗੁਰਸਿੱਖਾਂ ਅਤੇ ਮਹਾਨ ਸ਼ਹੀਦਾਂ ਸੰਬੰਧੀ ਫ਼ਿਲਮਾਂ ਦੇ ਰਿਲੀਜ਼ ਹੋਣ ਦੀ ਗਲ ਚਲੀ, ਸਿੱਖ ਸੰਗਤਾਂ ਵੱਲੋਂ ਸਖ਼ਤ ਰੋਸ ਜਤਾਇਆ ਜਾਂਦਾ ਰਿਹਾ। ਇੱਥੋਂ ਤਕ ਕਿ ਅਪ੍ਰੈਲ 2018 ਦੌਰਾਨ ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੁਕਮਨਾਮਾ ਜਾਰੀ ਕਰਦਿਆਂ ਇਕ ਵਿਵਾਦਗ੍ਰਸਤ ਫ਼ਿਲਮ ਦੇ ਨਿਰਮਾਤਾ ਨੂੰ ਪੰਥ ’ਚੋਂ ਖ਼ਾਰਜ ਕਰਨ ਦਾ ਸਖ਼ਤ ਫ਼ੈਸਲਾ ਸੁਣਾਇਆ ਗਿਆ।

ਉਨ੍ਹਾਂ ਕਿਹਾ ਕਿ ਜੇਕਰ ਅੱਜ ਸ਼੍ਰੋਮਣੀ ਕਮੇਟੀ ਨੇ ਗੁਰੂ ਇਤਿਹਾਸ ਨਾਲ ਸਬੰਧਿਤ ਮਨੁੱਖੀ ਪਾਤਰਾਂ ਵਾਲੀਆਂ ਫ਼ਿਲਮਾਂ ਬਣਾਉਣ ਨੂੰ ਖੁੱਲ੍ਹ ਦੇ ਦਿੱਤੀ ਤਾਂ ਕੱਲ੍ਹ ਨੂੰ ਬਾਲੀਵੁੱਡ ਵੱਲੋਂ ਮੁਨਾਫ਼ੇ ਨੂੰ ਮੁੱਖ ਰੱਖ ਕੇ ਸਿੱਖ ਗੁਰੂ ਸਾਹਿਬਾਨ ਤੇ ਸ਼ਹੀਦਾਂ ਬਾਰੇ ਗ਼ਲਤ ਇਤਿਹਾਸ ਪੇਸ਼ ਕਰਦੀਆਂ ਅਤੇ ਮਜ਼ਾਕ ਵਾਲੀਆਂ ਫ਼ਿਲਮਾਂ ਵੀ ਬਣਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜਿਨ੍ਹਾਂ ਸਿੰਘ ਸਾਹਿਬਾਨ ਦੇ ਸਿਰ ’ਤੇ ਪੰਥ ਦੀਆਂ ਅਮੀਰ ਰਵਾਇਤਾਂ ਨੂੰ ਕਾਇਮ ਰੱਖਣ ਦੀ ਜ਼ਿੰਮੇਵਾਰੀ ਹੈ ਉਨ੍ਹਾਂ ਨੂੰ ਹੀ ਰਵਾਇਤਾਂ ਨੂੰ ਤੋੜਨ ਲਈ ਬੀਬੀ ਜਗੀਰ ਕੌਰ ’’ਹਦਾਇਤ’’ ਕਰ ਰਹੀ ਹੈ। ਇਸ ਕਰਕੇ ਸਿੱਖ ਸਿਧਾਂਤਾਂ ਦੇ ਉਲਟ ਜਾ ਕੇ ਗੁਰੂ ਸਾਹਿਬਾਨ ਤੇ ਸਿੱਖ ਸ਼ਹੀਦਾਂ ਬਾਰੇ ਫ਼ਿਲਮਾਂ ਬਣਾਉਣ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ।

- Advertisement -

Share this Article
Leave a comment