ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਸਠਿਆਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਲਗਾਤਾਰ ਵਾਪਰ ਰਹੀਆਂ ਬੇਅਦਬੀਆਂ ਦੀ ਘਟਨਾਵਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਸਾਜਿਸ਼ ਹੈ, ਜਿਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਸਰਕਾਰ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਜਿਸ ਦੀ ਸਿੱਖ ਸੰਗਤਾਂ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਸਰਕਾਰਾਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਆਖਿਆ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਾਜ਼ਮੀ ਬਨਾਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

