ਰਾਮ ਰਹੀਮ ਨੂੰ ਫਰਲੋ ਦੇਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

TeamGlobalPunjab
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਜਿਥੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਇਸ ਦਾ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ। ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਅਤੇ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਦੇਸ਼ ਅਤੇ ਖ਼ਾਸਕਰ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਤੋਂ ਵੀ ਗੁਰੇਜ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਪਾਸੋਂ ਬੇਅਦਬੀ ਮਾਮਲੇ ਵਿਚ ਪੁਛਗਿਛ ਦਾ ਸਿਲਸਿਲਾ ਜਾਰੀ ਹੈ ਅਤੇ ਦੂਜੇ ਪਾਸੇ ਉਸ ਨੂੰ ਜ਼ੇਲ੍ਹ ਵਿਚ ਬਾਹਰ ਕੱਢ ਕੇ ਰਾਹਤ ਦੇਣ ਦਾ ਰਾਹ ਖੋਲ੍ਹਣਾ ਕਿਸੇ ਤਰ੍ਹਾਂ ਪ੍ਰਵਾਨ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਸ਼ਾਂਤ ਨਹੀਂ ਦੇਖਣਾ ਚਾਹੁੰਦੀ, ਇਸੇ ਲਈ ਹੀ ਰਾਮ ਰਹੀਮ ਨੂੰ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਗਲਤੀ ਨੂੰ ਭਾਰਤ ਅਤੇ ਹਰਿਆਣਾ ਸਰਕਾਰ ਤੁਰੰਤ ਸੁਧਾਰੇ ਅਤੇ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਤੋਂ ਇਸ ਗਲਤੀ ਦੀ ਮੁਆਫ਼ੀ ਵੀ ਮੰਗੇ।

Share this Article
Leave a comment