ਸ਼੍ਰੋਮਣੀ ਕਮੇਟੀ ਬਜਟ ਇਜਲਾਸ ਦਾ ਐਲਾਨ

Global Team
4 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸ਼ਾਮਲ ਹੋਏ।

ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਸੱਦਣ ਦਾ ਫ਼ੈਸਲਾ ਲਿਆ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੁੜ ਪੈਂਡਿੰਗ ਕਰਨ ਦੇ ਨਾਲ, ਹੋਰ ਪੰਥਕ ਮਸਲਿਆਂ ‘ਤੇ ਵੀ ਗੱਲਬਾਤ ਹੋਈ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਨੇ ਦੱਸਿਆ ਕਿ ਸਿੱਖ ਸੰਸਥਾ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ, ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਆਦਿ ਦਾ ਸਾਲ 2025-26 ਦਾ ਬਜਟ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਹੋਰ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਿਚਾਰ-ਵਟਾਂਦਰੇ ਮਗਰੋਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ। ਹੁਣ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੋਂ ਵੀ ਜਥੇਦਾਰੀ ਚਾਰਜ ਵਾਪਸ ਲਿਆ ਗਿਆ ਹੈ, ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਕੁਲਦੀਪ ਸਿੰਘ ਗੜਗੱਜ, ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ, ਉੱਘੀ ਧਾਰਮਿਕ ਸ਼ਖ਼ਸੀਅਤ ਬਾਬਾ ਟੇਕ ਸਿੰਘ, ਮੁਖੀ ਬੁੰਗਾ ਮਸਤੂਆਣਾ, ਦਮਦਮਾ ਸਾਹਿਬ, ਨੂੰ ਨਵੇਂ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ, ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਪਰਦਾਵਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਜਾਵੇਗੀ।

ਉਦੋਂ ਤੱਕ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਕਾਰਜਕਾਰੀ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।

ਰਘੂਜੀਤ ਸਿੰਘ ਨੇ ਅੰਤ੍ਰਿੰਗ ਕਮੇਟੀ ਵੱਲੋਂ ਪਾਸ ਕੀਤੇ ਮਤੇ ਬਾਰੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ, ਛੇਵੇਂ ਪਾਤਸ਼ਾਹ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਸਥਾਪਿਤ, ਮੀਰੀ-ਪੀਰੀ ਦਾ ਮਹਾਨ ਤਖ਼ਤ ਹੈ, ਅਤੇ ਦੁਨੀਆ ਭਰ ਦੇ ਸਿੱਖ ਇਸ ਸਿਧਾਂਤ ਨੂੰ ਸਮਰਪਿਤ ਰਹਿਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਸਿੱਖ ਗੁਰਦੁਆਰਾ ਐਕਟ 1925 ਤਹਿਤ, ਸਿੱਖ ਧਰਮ ਦੀ ਸਰਵੋਚ ਸੰਸਥਾ ਹੈ, ਅਤੇ ਗੁਰੂ ਸਾਹਿਬਾਨ ਦੇ ਆਦੇਸ਼ਾਂ ਅਨੁਸਾਰ ਸਿੱਖ ਸੰਸਥਾਵਾਂ ਦੀ ਸੰਭਾਲ, ਗੁਰਬਾਣੀ ਦੇ ਪ੍ਰਚਾਰ ਅਤੇ ਸਰਬੱਤ ਦੇ ਭਲੇ ਲਈ ਹਰ ਸੰਭਵ ਉਪਰਾਲੇ ਕਰਦੀ ਰਹੇਗੀ।

ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਪ੍ਰਸਥਿਤੀਆਂ ਨੂੰ ਦੇਖਦੇ ਹੋਏ, ਗਿਆਨੀ ਰਘਬੀਰ ਸਿੰਘ, ਕੌਮ ਦਾ ਮਾਰਗਦਰਸ਼ਨ ਕਰਨ ਅਤੇ ਪੰਥਕ ਇਕਤਾ ਬਣਾਈ ਰੱਖਣ ਵਿੱਚ ਅਸਮਰਥ ਰਹੇ ਹਨ। ਅਜਿਹੇ ਸਮੇਂ, ਜਦ ਸਿੱਖ ਪਹਿਚਾਣ ਸੰਕਟ ‘ਚ ਹੈ, ਅਤੇ ਵੱਖ-ਵੱਖ ਤਾਕਤਾਂ ਸਿੱਖ ਸੰਸਥਾਵਾਂ ਦੀ ਹੋਂਦ ਖਤਮ ਕਰਨ ‘ਚ ਲੱਗੀਆਂ ਹੋਈਆਂ ਹਨ, ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਨਾਲ ਪੰਥਕ ਸ਼ਕਤੀ ਖੇਰੂ-ਖੇਰੂ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ, ਜਥੇਦਾਰ ਵਜੋਂ, ਹੱਠ ਭਰੀ ਨੀਤੀ ਅਤੇ ਵਿਰੋਧਭਾਸੀ ਬਿਆਨਾਂ ਨਾਲ, ਉਨ੍ਹਾਂ ਨੇ ਨਾ ਸਿਰਫ਼ ਆਪਣੇ ਅਹੁਦੇ ਨੂੰ ਹਾਨੀ ਪਹੁੰਚਾਈ, ਬਲਕਿ ਪੰਥ ਵਿੱਚ ਨਿਰਾਸ਼ਾ ਪੈਦਾ ਕਰ ਦਿੱਤੀ ਹੈ।

ਰਘੂਜੀਤ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਹ ਮਹਿਸੂਸ ਕੀਤਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀਆਂ ਗਲਤੀਆਂ ਅਤੇ ਮਰਿਆਦਾ ਦੀ ਉਲੰਘਣਾ ਕਾਰਨ, ਉਨ੍ਹਾਂ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਹੁਦੇ ਤੋਂ ਹਟਾਉਣਾ ਜ਼ਰੂਰੀ ਹੈ।

Share This Article
Leave a Comment