ਨਿਊਜ਼ ਡੈਸਕ: ਪਾਕਿਸਤਾਨ ਵਿੱਚ ਦੋ ਚੀਨੀ ਨਾਗਰਿਕਾਂ ਨੂੰ ਇੱਕ ਵਾਰ ਫਿਰ ਨਿਸ਼ਾਨਾ ਬਣਾਇਆ ਗਿਆ ਹੈ। ਕਰਾਚੀ ‘ਚ ਮੰਗਲਵਾਰ ਨੂੰ ਦੋਹਾਂ ‘ਤੇ ਗੋਲੀਆਂ ਚਲਾਈਆਂ ਗਈਆਂ। ਪੁਲਿਸ ਅਤੇ ਹਸਪਤਾਲ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਬਾਅਦ ਪਾਕਿਸਤਾਨ ਵਿੱਚ ਚੀਨੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਉੱਠ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਜ਼ਖਮੀਆਂ ਦੀ ਹਾਲਤ ਕਾਫੀ ਗੰਭੀਰ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ‘ਚ ਚੀਨ ਦੇ ਰਾਜਦੂਤ ਨੇ ਵੀ ਉੱਥੇ ਚੀਨੀ ਨਾਗਰਿਕਾਂ ‘ਤੇ ਹੋ ਰਹੇ ਹਮਲਿਆਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਤੋਂ ਇਲਾਵਾ ਬਿਹਤਰ ਸੁਰੱਖਿਆ ਉਪਾਵਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।
ਫੈਜ਼ਾਨ ਅਲੀ ਨਾਮ ਦੇ ਪੁਲਿਸ ਅਧਿਕਾਰੀ ਨੇ ਘਟਨਾ ਦੀ ਜਾਣਕਾਰੀ ਦਿੱਤੀ ਹੈ। ਘਟਨਾ ਬਾਰੇ ਪੂਰੀ ਜਾਣਕਾਰੀ ਅਜੇ ਉਪਲਬਧ ਨਹੀਂ ਹੈ। ਲਿਆਕਤ ਨੈਸ਼ਨਲ ਹਸਪਤਾਲ ਦੇ ਬੁਲਾਰੇ ਅਨੁਸਾਰ ਦੋਵਾਂ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਕਿ ਪਾਕਿਸਤਾਨ ਵਿਚ ਚੀਨੀ ਨਾਗਰਿਕਾਂ ‘ਤੇ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਇੱਕ ਆਤਮਘਾਤੀ ਹਮਲੇ ਵਿੱਚ ਦੋ ਚੀਨੀ ਨਾਗਰਿਕਾਂ ਦੀ ਮੌਤ ਹੋ ਗਈ ਸੀ ਜਦਕਿ 10 ਹੋਰ ਜ਼ਖ਼ਮੀ ਹੋ ਗਏ ਸਨ। ਪਾਬੰਦੀਸ਼ੁਦਾ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਕਰਾਚੀ ਹਵਾਈ ਅੱਡੇ ਨੇੜੇ ਹੋਏ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਸੀ।
ਇਸ ਤੋਂ ਇਲਾਵਾ ਮਾਰਚ ‘ਚ ਪੰਜ ਚੀਨੀ ਇੰਜੀਨੀਅਰਾਂ ਦੀ ਮੌਤ ਹੋ ਗਈ ਸੀ। ਇਹ ਸਾਰੇ ਖੈਬਰ ਪਖਤੂਨਖਵਾ ਵਿੱਚ ਆਤਮਘਾਤੀ ਹਮਲੇ ਦਾ ਸ਼ਿਕਾਰ ਹੋਏ ਸਨ। ਲਗਭਗ ਇੱਕ ਦਹਾਕੇ ਪਹਿਲਾਂ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਦਾ ਨਿਰਮਾਣ ਸ਼ੁਰੂ ਹੋਣ ਤੋਂ ਬਾਅਦ ਤੋਂ ਹੁਣ ਤੱਕ ਅਜਿਹੇ ਹਮਲਿਆਂ ਵਿੱਚ 21 ਚੀਨੀ ਨਾਗਰਿਕਾਂ ਦੀ ਜਾਨ ਜਾ ਚੁੱਕੀ ਹੈ। ਪਾਕਿਸਤਾਨ ਵਿੱਚ ਚੀਨ ਦੇ ਰਾਜਦੂਤ ਜਿਆਂਗ ਜ਼ੇਦੋਂਗ ਨੇ ਇਨ੍ਹਾਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਚੀਨ ਵਿਰੋਧੀ ਅੱਤਵਾਦੀ ਸਮੂਹਾਂ ਖਿਲਾਫ ਸਖਤ ਕਾਰਵਾਈ ਦੀ ਵੀ ਮੰਗ ਕੀਤੀ ਹੈ। ਇਕ ਸੈਮੀਨਾਰ ਦੌਰਾਨ ਚੀਨੀ ਰਾਜਦੂਤ ਨੇ ਕਿਹਾ ਕਿ ਚੀਨ-ਪਾਕਿਸਤਾਨ ਆਰਥਿਕ ਗਲਿਆਰੇ ਦੀ ਸੁਰੱਖਿਆ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪਾਕਿਸਤਾਨ ਨੂੰ ਚੀਨੀ ਨਾਗਰਿਕਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਦੀ ਵੀ ਅਪੀਲ ਕੀਤੀ ਸੀ।