ਚੰਡੀਗੜ੍ਹ : (ਦਰਸ਼ਨ ਸਿੰਘ ਖੋਖਰ ):ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਭਵਨ ਚੰਡੀਗਡ਼੍ਹ ਵਿਚ ਕਾਂਗਰਸੀ ਮੰਤਰੀਆਂ ਵਿਧਾਇਕਾਂ ਅਤੇ ਹੋਰਨਾਂ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਹਮਾਇਤੀ ਐਮ ਪੀ ਮੁਹੰਮਦ ਸਦੀਕ ਵੀ ਪਹੁੰਚੇ ਸਨ । ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਉਚੇਚੇ ਤੌਰ ‘ਤੇ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਮੀਟਿੰਗ ਦੇ ਇਹ ਅਰਥ ਕੱਢੇ ਜਾ ਰਹੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਵਿੱਚ ਕਾਂਗਰਸ ਦੇ ਮੌਜੂਦਾ ਵਿਧਾਇਕਾਂ ਵਿੱਚੋਂ ਇੱਕਾ ਦੁੱਕਾ ਨੂੰ ਛੱਡ ਕੇ ਹੋਰ ਵਿਧਾਇਕ ਜਾਣ ਨੂੰ ਤਿਆਰ ਨਹੀਂ। ਮੀਟਿੰਗ ਵਿੱਚ ਸ਼ਾਮਲ ਹੋਏ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਭਾਵੇਂ ਇਹ ਕਿਹਾ ਗਿਆ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੀਟਿੰਗ ਕੀਤੀ ਪਰ ਮੀਟਿੰਗ ਨੂੰ ਨਵਜੋਤ ਸਿੰਘ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ ਹੀ ਕਿਹਾ ਜਾ ਸਕਦਾ ਹੈ।
ਸਿੱਧੂ ਤੇ ਚੰਨੀ ਅੱਜ ਕੇਦਾਰਨਾਥ ਦੀ ਯਾਤਰਾ ‘ਤੇ ਵੀ ਗਏ ਸਨ ਅਤੇ ਸਿੱਧੂ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਲ ਇਜ਼ ਵੈੱਲ ਵੀ ਕਿਹਾ ਹੈ ਜਿਸ ਦਾ ਇਹ ਅਰਥ ਬਣਦਾ ਹੈ ਕਿ ਹੁਣ ਸਿੱਧੂ ਅਤੇ ਚੰਨੀ ਮਿਲਕੇ ਚੱਲਣਗੇ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾ ਲੈਣ ਨਾਲ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਨੂੰ ਸਾਰੇ ਵਿਧਾਇਕਾਂ ਨੂੰ ਆਪਣੇ ਨਾਲ ਰੱਖਣ ਵਾਸਤੇ ਉਚੇਚਾ ਧਿਆਨ ਵੀ ਰੱਖਣਾ ਪਵੇਗਾ।