ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ 1 ਦਸੰਬਰ 2022 ਨੂੰ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸੰਪੰਨ ਕਰਨ ਦਾ ਫੈਸਲਾ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਵੱਲੋਂ ਇਸ ਦੇ ਨਾਲ ਹੀ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ। ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਤਹਿਤ ਹੁਣ ਤੱਕ 25 ਲੱਖ ਤੋਂ ਵੱਧ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ, ਜੋ ਅਗਲੇ ਦਿਨਾਂ ਵਿਚ ਇਕੱਠੇ ਕਰਕੇ ਗਵਰਨਰ ਪੰਜਾਬ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਪ੍ਰੋਫਾਰਮੇ ਰਾਜਪਾਲ ਨੂੰ ਸੌਂਪਣ ਤੋਂ ਇਕ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਠ ਕਰਕੇ ਅਰਦਾਸ ਕੀਤੀ ਜਾਵੇਗੀ। ਇਸ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਵੀ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਗਵਰਨਰ ਪੰਜਾਬ ਪਾਸੋਂ ਜਲਦ ਸਮਾਂ ਲੈਣ ਲਈ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਆਦੇਸ਼ ਦੇ ਦਿੱਤੇ ਗਏ ਹਨ ਅਤੇ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਪ੍ਰੋਫਾਰਮੇ ਅਤੇ ਮੰਗ ਪੱਤਰ ਸੌਂਪਣ ਲਈ ਜਾਣਗੇ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਾਲ 2023-24 ਲਈ ਵਜੀਫੇ ਦੇਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਸਾਲ ਕਰੋੜਾਂ ਰੁਪਏ ਵਜੀਫੇ ਵਜੋਂ ਦਿੱਤੇ ਜਾਂਦੇ ਹਨ। ਵਜੀਫਿਆਂ ਲਈ ਛੇਵੀਂ ਤੋਂ ਦਸਵੀਂ ਤੱਕ 3500 ਰੁਪਏ, ਗਿਆਰ੍ਹਵੀਂ ਤੋਂ ਬਾਰ੍ਹਵੀਂ ਤੱਕ 5000, ਗ੍ਰੈਜੂਏਟ ਪੱਧਰ ਲਈ 8000 ਅਤੇ ਪੋਸਟ ਗ੍ਰੈਜੂਏਸ਼ਨ ਲਈ 10000 ਰੁਪਏ ਦੀ ਰਾਸ਼ੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਨੌਜਵਾਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵੀ ਸ਼੍ਰੋਮਣੀ ਕਮੇਟੀ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਇਸ ਮਕਸਦ ਲਈ ਖੋਲ੍ਹੀ ਗਈ ਨਿਸ਼ਚੈ ਅਕੈਡਮੀ ਦੇ ਪਹਿਲੇ ਬੈਚ ਲਈ 11 ਗੁਰਸਿੱਖ ਵਿਦਿਆਰਥੀਆਂ ਦੀ ਚੋਣ ਕੀਤੀ ਜਾ ਚੱਕੀ ਹੈ। ਇਸ ਲਈ 167 ਨੌਜਵਾਨਾਂ ਨੇ ਲਿਖਤੀ ਪੇਪਰ ਦਿੱਤਾ ਸੀ, ਜਿਸ ਉਪਰੰਤ ਤਿੰਨ ਪੜਾਵਾਂ ਵਿਚ ਹੋਈ ਇੰਟਰਵਿਊ ਦੌਰਾਨ 11 ਸਿੱਖ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਦੁਬਾਰਾ ਵਿਦਿਆਰਥੀਆਂ ਪਾਸੋਂ ਦਰਖਾਸਤਾਂ ਮੰਗੀਆਂ ਜਾਣਗੀਆਂ, ਤਾਂ ਜੋ ਹੋਰ ਵਿਦਿਆਰਥੀਆਂ ਨੂੰ ਵੀ ਇਸ ਅਕੈਡਮੀ ਵਿਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾ ਸਕੇ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਤਿੰਨ ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਲਿਆ ਹੈ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਦੀ ਫੜੋ-ਫੜ੍ਹਾਈ ਦੌਰਾਨ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਦੀ ਸਰਕਾਰ-ਏ-ਖਾਲਸਾ ਦੇ ਝੰਡੇ ਅਤੇ ਸਿੱਖ ਰਿਆਸਤਾਂ ਦੇ ਨਿਸ਼ਾਨਾਂ ਨੂੰ ਵੱਖਵਾਦੀ ਸਮੱਗਰੀ ਵਜੋਂ ਪੇਸ਼ ਕਰਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਕੀਤੀ ਗਈ ਕਾਰਵਾਈ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਇਕ ਨੌਜਨ ਦੇ ਫੋਨ ਵਿੱਚੋਂ ਮਿਲੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਨਾਲ ਸਬੰਧਤ ਝੰਡੇ ਅਤੇ ਸਿੱਖ ਰਿਆਸਤਾਂ ਦੇ ਨਿਸ਼ਾਨਾਂ ਨੂੰ ਵੱਖਵਾਦੀ ਸਮੱਗਰੀ ਦੱਸਣ ਵਾਲੀ ਖੰਨਾ ਦੀ ਐਸਐਸਪੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਕੁਝ ਚੈਨਲਾਂ ਨੂੰ ਵੀ ਇਸ ਸਬੰਧੀ ਗਲਤ ਜਾਣਕਾਰੀਆਂ ਪੇਸ਼ ਕਰਕੇ ਸਿੱਖਾਂ ਦਾ ਅਕਸ ਖਰਾਬ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਬੇਕਸੂਰ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਜਾਣਕਾਰੀ ਪ੍ਰਾਪਤ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਜਨਤਕ ਤੌਰ ’ਤੇ ਅਪੀਲ ਕੀਤੀ ਗਈ ਸੀ। ਕਈ ਲੋਕਾਂ ਨੇ ਇਸ ਸਬੰਧੀ ਜਾਣਕਾਰੀ ਸਿੱਖ ਸੰਸਥਾ ਨੂੰ ਭੇਜੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ’ਚ ਬੰਦ ਕੀਤੇ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਵੀ ਸ਼੍ਰੋਮਣੀ ਕਮੇਟੀ ਦੀ ਲੀਗਲ ਟੀਮ ਸਥਾਨਕ ਪੱਧਰ ’ਤੇ ਜਾ ਕੇ ਕਾਰਜ ਕਰ ਰਹੀ ਹੈ।