ਮਾਨ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਦਿੱਤੇ ਬਿਆਨ ਦੇ ਕੀ ਮਾਇਨੇ ?

Prabhjot Kaur
4 Min Read

ਜਗਤਾਰ ਸਿੰਘ ਸਿੱਧੂ;
ਮੈਨੇਜਿੰਗ ਐਡੀਟਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਨਾਲ ਜੁੜੀਆਂ ਮੰਦਭਾਗੀਆਂ ਘਟਨਾਵਾਂ ਬਾਰੇ ਨਿਆਂ ਦੇਣ ਲਈ ਦਿੱਤੇ ਬਿਆਨ ਨੇ ਇਸ ਭਾਵੁਕ ਅਤੇ ਸੰਵੇਦਨਸ਼ੀਲ ਮੁੱਦੇ ‘ਤੇ ਨਵੇਂ ਸਿਰੇ ਤੋਂ ਚਰਚਾ ਛੇੜ ਦਿੱਤੀ ਹੈ। ਕੇਵਲ ਇੰਨਾ ਹੀ ਨਹੀਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਹੈ ਸਗੋਂ ਉਨ੍ਹਾਂ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਮੋਰਚੇ ਦੀ ਲੀਡਰਸ਼ਿਪ ਨੂੰ ਮੌਕੇ ‘ਤੇ ਜਾ ਕੇ ਭਰੋਸਾ ਦਿੱਤਾ ਹੈ ਕਿ ਇਸ ਮਹੀਨੇ ਦੇ ਅਖੀਰ ਤੱਕ ਨਿਆਂ ਅਤੇ ਇਨਸਾਫ਼ ਜ਼ਰੂਰ ਮਿਲੇਗਾ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਸ ਮੁੱਦੇ ਉੱਪਰ ਦਿੱਤੇ ਬਿਆਨ ਬਾਅਦ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਧਾਲੀਵਾਲ ਦਾ ਬਿਆਨ ਬੜੀ ਅਹਿਮੀਅਤ ਰੱਖਦਾ ਹੈ। ਬੇਸ਼ੱਕ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਇਸ ਦੀ ਸਰਕਾਰ ਇਸ ਮੁੱਦੇ ਉੱਪਰ ਰਾਜਨੀਤੀ ਕਰ ਰਹੀ ਹੈ, ਪਰ ਮੁੱਖ ਮੰਤਰੀ ਅਤੇ ਉਸ ਦੇ ਮੰਤਰੀਆਂ ਵੱਲੋਂ ਦਿੱਤਾ ਗਿਆ ਭਰੋਸਾ ਵੀ ਬਹੁਤ ਅਹਿਮ ਹੈ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬੀਆਂ ਨੂੰ ਭਰੋਸਾ ਦਿੱਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੇਗੀ ਤਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣਗੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ। ਹੁਣ 10 ਮਹੀਨੇ ਬਾਅਦ ਮੁੱਖ ਮੰਤਰੀ ਦਾ ਇਸ ਮੁੱਦੇ ਉੱਪਰ ਭਰੋਸਾ ਦੇਣਾ ਸਿੱਧੇ ਤੌਰ ਤੇ ਪੰਜਾਬੀਆਂ ਅੱਗੇ ਜਵਾਬਦੇਹੀ ਦਾ ਕਾਰਨ ਬਣੇਗਾ। ਆਪਾਂ ਸਾਰੇ ਜਾਣਦੇ ਹਾਂ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਨਾਲ ਜੁੜੀਆਂ ਮੰਦਭਾਗੀਆਂ ਘਟਨਾਵਾਂ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਸਮੇਂ ਵਾਪਰੀਆਂ ਸਨ। ਇਸ ਦਾ ਸਿੱਟਾ ਇਹ ਨਿਕਲਿਆ ਕਿ ਪੰਜਾਬੀਆਂ ਵੱਲੋਂ ਅਕਾਲੀ ਦਲ ਬਾਰੇ ਵੱਡੇ ਗੁੱਸੇ ਦਾ ਪ੍ਰਗਟਾਵਾ ਕੀਤਾ ਗਿਆ ਤਾਂ ਅਕਾਲੀ ਦਲ ਮੌਜੂਦਾ ਵਿਧਾਨਸਭਾ ਵਿੱਚ ਕੇਵਲ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਿਆ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬੀਆਂ ਦੇ ਭਰੋਸੇ ਨਾਲ ਸਰਕਾਰ ਬਣਾਈ ਪਰ ਇਸ ਮੁੱਦੇ ਉੱਪਰ ਬਗ਼ੈਰ ਕੋਈ ਠੋਸ ਕਾਰਵਾਈ ਕੀਤੀਆਂ ਹੀ ਸਰਕਾਰ ਤੋਂ ਬਾਹਰ ਹੋ ਗਏ। ਇਸੇ ਤਰਾਂ ਕੁੱਝ ਮਹੀਨਿਆਂ ਲਈ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਵੀ ਬੇਅਦਬੀ ਦੇ ਮੁੱਦੇ ਉੱਪਰ ਕੁੱਝ ਨਾਂ ਕਰ ਸਕੇ। ਇਸ ਤਰ੍ਹਾਂ ਇਸ ਮੁੱਦੇ ਉੱਪਰ ਤਿੰਨ ਮੁੱਖ ਮੰਤਰੀ ਬਗ਼ੈਰ ਕੁਝ ਕੀਤਿਆਂ ਹੀ ਚਲੇ ਗਏ ਜਾਂ ਪੰਜਾਬੀਆਂ ਨੇ ਉਨ੍ਹਾਂ ਨੂੰ ਸੱਤਾ ਤੋਂ ਪਾਸੇ ਕਰ ਦਿੱਤਾ। ਹੁਣ ਚੌਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ਉੱਪਰ ਪੰਜਾਬੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਤਾਂ ਆਉਣ ਵਾਲੇ ਦਿਨ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲਈ ਵੀ ਇਮਤਿਹਾਨ ਦੀ ਘੜੀ ਹਨ।

ਦੂਜੇ ਪਾਸੇ ਬਹਿਬਲ ਕਲਾਂ ਮੋਰਚੇ ਦੇ ਸੰਚਾਲਕ ਸੁਖਰਾਜ ਸਿੰਘ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਮੰਦਭਾਗੀਆਂ ਘਟਨਾਵਾਂ ਉੱਪਰ ਨਿਆਂ ਦੇਣ ਦਾ ਭਰੋਸਾ ਦਿੱਤਾ ਹੈ ਤਾਂ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਹੀ ਬਣਦੀ ਹੈ ਕਿ ਇਸ ਭਰੋਸੇ ਨੂੰ ਨੇਪਰੇ ਚਾੜ੍ਹਿਆ ਜਾਵੇ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜੇਕਰ ਫਰਵਰੀ ਦੇ ਅਖੀਰ ਤੱਕ ਨਿਆਂ ਨਹੀਂ ਮਿਲਦਾ ਤਾਂ ਮੋਰਚੇ ਵੱਲੋਂ ਵੱਡੀ ਪੱਧਰ ਤੇ ਵਿਰੋਧ ਕਰਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸੇ ਤਰਾਂ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਮਾਨ ਸਰਕਾਰ ਨੂੰ ਇਸ ਮੁੱਦੇ ਉੱਪਰ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ 10 ਮਹੀਨਿਆਂ ਤੋਂ ਕਈ ਵਾਰ ਇਸ ਤਰਾਂ ਦੇ ਭਰੋਸੇ ਦਿੱਤੇ ਗਏ ਪਰ ਅਜੇ ਤੱਕ ਨਿਆਂ ਦੇ ਮੱਦੇਨਜ਼ਰ ਕੋਈ ਨਤੀਜਾ ਸਾਹਮਣੇ ਨਹੀਂ ਆਇਆ।

Share this Article
Leave a comment