ਸ੍ਰੀ ਆਨੰਦਪੁਰ ਸਾਹਿਬ: ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ‘ਚ ਬੀਤੀ ਰਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੁੱਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਸੀ, ਪਰ ਸਿੱਖ ਸੰਗਤ ਇਸ ਫੈਸਲੇ ਤੋਂ ਖੁਸ਼ ਨਹੀਂ ਨਜ਼ਰ ਆ ਰਹੀ।
ਉਥੇ ਹੀ ਕਿਰਤੀ ਸਿੱਖ ਸੰਘਰਸ਼ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖਤ ਸ਼ਬਦਾਂ ‘ਚ ਚਿਤਾਵਨੀ ਦਿੱਤੀ ਹੈ। ਕਮੇਟੀ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਬਾਦਲਿਆਂ ਬਾਰੇ ਨਹੀਂ ਸਗੋਂ ਇਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਸੀ।
ਇਸ ਤੋਂ ਇਲਾਵਾ ਕੀਰਤੀ ਸਿੱਖ ਸੰਘਰਸ਼ ਕਮੇਟੀ ਦੇ ਸਿੰਘਾਂ ਅਤੇ ਸਰਬੱਤ ਖ਼ਾਲਸਾ ਦੇ ਥਾਪੇ ਗਏ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਹੈੱਡ ਗ੍ਰੰਥੀ ਗਿਆਨੀ ਫੁੱਲਾ ਸਿੰਘ, ਮੈਨੇਜਰ ਮਲਕੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਜਲਦ ਬਰਖਾਸਤ ਨਾਂ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਹੀਂ ਬਰਖਾਸਤ ਕਰ ਸਕਦੀ ਤਾਂ ਇਹ ਪੰਜੋ ਵਿਅਕਤੀ 25 ਸਤੰਬਰ ਤੱਕ ਆਪਣੇ ਅਸਤੀਫੇ ਦੇ ਦੇਣ ਨਹੀਂ ਤਾਂ ਛੱਬੀ 26 ਸਤੰਬਰ ਤੋਂ ਸਿੰਘ ਸੜਕਾਂ ‘ਤੇ ਉੱਤਰ ਆਉਣਗੇ।