ਲੁਧਿਆਣਾ : ਖੇਤੀਬਾੜੀ ਕਾਨੂੰਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੁੱਪੀ ‘ਤੇ ਸਿਮਰਜੀਤ ਸਿੰਘ ਬੈਂਸ ਨੇ ਸਵਾਲ ਖੜ੍ਹੇ ਕੀਤੇ ਹਨ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਸਾਰੀਆਂ ਪਾਰਟੀਆਂ ਡਟੀਆਂ ਹੋਈਆਂ ਹਨ, ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਇੱਕ ਵੀ ਕਿਸਾਨ ਪੱਖੀ ਬਿਆਨ ਨਹੀਂ ਆਇਆ। ਕੀ ਅਰਵਿੰਦ ਕੇਜਰੀਵਾਲ ਨੂੰ ਹੋ ਰਹੇ ਪ੍ਰਦਰਸ਼ਨ ਦਿਖਾਈ ਨਹੀਂ ਦੇ ਰਹੇ? ਹਾਲਾਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ।
ਇਸ ਦੇ ਨਾਲ ਹੀ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਿਸਾਨਾਂ ਨਾਲ ਸਿਆਸਤ ਨਹੀਂ ਕਰਨੀ ਚਾਹੀਦੀ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਾਡੀ ਪਾਰਟੀ ਕਿਸਾਨਾਂ ਦੇ ਨਾਲ ਹੈ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਅਸੀਂ ਕਿਸਾਨਾਂ ਦੀ ਆਵਾਜ਼ ਬਣ ਕੇ ਮੈਦਾਨ ‘ਚ ਨਿੱਤਰੇ ਰਹਾਂਗੇ।
ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਪਾਰਟੀ ਦੇ ਲੀਡਰ ਮਨਵਿੰਦਰਪਾਲ ਸਿੰਘ ਗਿਆਸਪੁਰ ਤੇ ਬੀਤੇ ਦਿਨੀਂ ਪੁਲਿਸ ਵੱਲੋਂ ਕੀਤੇ ਗਏ ਅੱਤਿਆਚਾਰ ਖ਼ਿਲਾਫ਼ ਮੰਗਲਵਾਰ ਨੂੰ ਐਸਐਸਪੀ ਖੰਨਾ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।