ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮਾਣਹਾਨੀ ਦੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਸ ਨੂੰ ਲੋਕਤੰਤਰ ਅਤੇ ਬੋਲਣ ਦੀ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਦੁਸਹਿਰੇ ਮੌਕੇ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਨੇ ਆਪਣੀ ਤੁਲਨਾ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਕੀਤੀ ਅਤੇ ਕਿਹਾ ਕਿ ਸਜ਼ਾ ਮਿਲਣ ਦੇ ਬਾਵਜੂਦ ਉਹ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।
ਬੈਂਸ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਸਾਥੀ ਹਨ। ਉਨ੍ਹਾਂ ਨੇ ਰਾਹੁਲ ਗਾਂਧੀ ਦੇ ਮੋਦੀ ਸਰਨੇਮ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਰਤ ਦੀ ਅਦਾਲਤ ਨੇ ਵੀ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸੰਸਦ ਮੈਂਬਰਸ਼ਿਪ ਚਲੀ ਗਈ ਅਤੇ ਸਰਕਾਰੀ ਬੰਗਲਾ ਵੀ ਖਾਲੀ ਕਰਨਾ ਪਿਆ, ਪਰ ਕੀ ਉਨ੍ਹਾਂ ਨੇ ਸੱਚ ਬੋਲਣਾ ਬੰਦ ਕਰ ਦਿੱਤਾ? ਬੈਂਸ ਨੇ ਕਿਹਾ ਕਿ ਉਹ ਵੀ ਚੁੱਪ ਨਹੀਂ ਬੈਠਣਗੇ।
ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਿਆਸੀ ਸੰਘਰਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਲ੍ਹ ਜਾਣਾ ਉਨ੍ਹਾਂ ਲਈ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਮੁਤਾਬਕ, ਉਹ 12 ਸਾਲ ਦੀ ਉਮਰ ਵਿੱਚ ਧਰਮ ਯੁੱਧ ਮੋਰਚੇ ਦੌਰਾਨ ਪਹਿਲੀ ਵਾਰ ਜੇਲ੍ਹ ਗਏ ਸਨ। ਆਪਣੇ 25 ਸਾਲਾਂ ਦੇ ਸਿਆਸੀ ਕਰੀਅਰ ਦੌਰਾਨ ਰੇਤ ਮਾਫੀਆ, ਕੇਬਲ ਮਾਫੀਆ ਅਤੇ ਨਸ਼ਾ ਮਾਫੀਆ ਖ਼ਿਲਾਫ਼ ਲੜਦਿਆਂ ਉਹ 13 ਵਾਰ ਜੇਲ੍ਹ ਜਾ ਚੁੱਕੇ ਹਨ ਅਤੇ ਲਗਭਗ ਪੌਣੇ ਪੰਜ ਸਾਲ ਜੇਲ੍ਹ ਵਿੱਚ ਬਿਤਾਏ ਹਨ।
ਬੈਂਸ ਨੇ 2019 ਦੇ ਇੱਕ ਵਿਵਾਦਤ ਮਾਮਲੇ ਦਾ ਵੀ ਜ਼ਿਕਰ ਕੀਤਾ, ਜਦੋਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇੱਕ ਜੱਜ ਦੀ ਕਥਿਤ ਸਟਿੰਗ ਰਿਕਾਰਡਿੰਗ ਜਨਤਕ ਕਰਨ ਦਾ ਦਾਅਵਾ ਕੀਤਾ ਸੀ। ਉਨ੍ਹਾਂ ਦੇ ਕਹਿਣ ਮੁਤਾਬਕ, ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ 10 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਬੈਂਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਆਡੀਓ ਜਾਰੀ ਕੀਤੀ ਅਤੇ ਵਿਧਾਨ ਸਭਾ ਵਿੱਚ ਸਬੰਧਤ ਜੱਜ ਖ਼ਿਲਾਫ਼ ਨਿੰਦਾ ਮਤਾ ਵੀ ਲਿਆਂਦਾ ਸੀ।
ਉਨ੍ਹਾਂ ਕਿਹਾ ਕਿ ਅਦਾਲਤਾਂ ਉਨ੍ਹਾਂ ਲਈ ਮੰਦਰਾਂ ਵਾਂਗ ਹਨ, ਪਰ ਜੇ ਉੱਥੇ ਕੋਈ ਰਿਸ਼ਵਤ ਮੰਗਦਾ ਹੈ ਤਾਂ ਉਹ ਉਸ ਨੂੰ ਵੀ ਬੇਨਕਾਬ ਕਰਨਗੇ।
ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਨਿਆਂਪਾਲਿਕਾ ਦਾ ਸਤਿਕਾਰ ਕਰਦੇ ਹਨ, ਪਰ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਪਟਿਆਲਾ ਸੈਸ਼ਨ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀ ਸਜ਼ਾ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਉਹ ਜੇਲ੍ਹ ਵਿੱਚ ਰਹਿ ਕੇ ਵੀ ਦੇਸ਼ ਦੀ ਸੇਵਾ ਕਰਦੇ ਰਹਿਣਗੇ।

