ਬਰਨਾਲਾ : ਹਮੇਸ਼ਾ ਵਿਵਾਦਾ ‘ਚ ਘਿਰੇ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਦੱਸ ਦਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਵੱਲੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਮੀਡੀਆ ਖਿਲਾਫ ਅਪਮਾਨਜਨਕ ਭਾਸ਼ਾ ਵਰਤੀ ਗਈ ਅਤੇ ਧਮਕੀਆਂ ਦਿੱਤੀਆਂ ਗਈਆਂ ਸਨ। ਜਿਸ ਨੂੰ ਲੈ ਕੇ ਪੰਜਾਬ ਭਰ ਦੇ ਮੀਡੀਆ ਅਤੇ ਪੱਤਰਕਾਰ ਭਾਈਚਾਰੇ ‘ਚ ਗਾਇਕ ਮੂਸੇਵਾਲਾ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਬਰਨਾਲਾ ਪ੍ਰੈੱਸ ਕਲੱਬ ਅਤੇ ਜ਼ਿਲ੍ਹੇ ਦੇ ਹੋਰ ਵੱਖ-ਵੱਖ ਪ੍ਰੈੱਸ ਕੱਲਬਾਂ ਵੱਲੋਂ ਗਾਇਕ ਮੂੁਸੇਵਾਲਾ ਖਿਲਾਫ ਸਖਤ ਕਾਰਵਾਈ ਕਰਨ ਲਈ ਐੈੱਸ.ਐੱਸ.ਪੀ. ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਦੌਰਾਨ ਪ੍ਰਧਾਨ ਚੇਤਨ ਸ਼ਰਮਾ ਨੇ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਗਾਇਕ ਮੂਸੇਵਾਲਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਨੂੰ ਅਜੇ ਤੱਕ ਗ੍ਰਿਫਤਾਰੀ ਨਹੀਂ ਕੀਤਾ ਗਿਆ ਹੈ। ਇਸ ਮੌਕੇ ਰਾਜਿੰਦਰ ਬਰਾੜ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਪਣੇ ਭੜਕਾਊ ਗੀਤਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ ਵੱਲ ਧੱਕ ਰਿਹਾ ਹੈ। ਇਸ ਵਫਦ ‘ਚ ਪ੍ਰਧਾਨ ਚੇਤਨ ਸ਼ਰਮਾ, ਬਘੇਲ ਸਿੰਘ, ਸੁਖਚਰਨਜੀਤ ਸਿੰਘ ਸੁੱਖੀ ਅਤੇ ਰਾਜਿੰਦਰ ਬਰਾੜ ਸ਼ਾਮਲ ਸਨ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਸੇ ਮਾਮਲੇ ‘ਚ ਪਟਿਆਲਾ ਮੀਡੀਆ ਕਲੱਬ ਵੱਲੋਂ ਵੀ ਗਾਇਕ ਮੂਸੇਵਾਲਾ ਖਿਲਾਫ ਬਣਦੀ ਕਾਰਵਾਈ ਕਰਨ ਲਈ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਮੀਡੀਆ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ ਨੇ ਕਿਹਾ ਸੀ ਕਿ ਐਸ ਐਸ ਪੀ ਨੇ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ।