ਸਿੰਘ ਸਾਹਿਬਾਨ ਨੇ ਨਾਨਕਸ਼ਾਹੀ ਸੰਮਤ 554 ਦਾ ਕੈਲੰਡਰ ਕੀਤਾ ਜਾਰੀ

TeamGlobalPunjab
2 Min Read

ਅੰਮ੍ਰਿਤਸਰ: ਨਾਨਕਸ਼ਾਹੀ ਸੰਮਤ 554 (ਸੰਨ 2022-23) ਦਾ ਕੈਲੰਡਰ ਅੱਜ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਨਵੇਂ ਨਾਨਕਸ਼ਾਹੀ ਵਰ੍ਹੇ ਦਾ ਕੈਲੰਡਰ ਜਾਰੀ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਿੰਘਾਂ ਵਿੱਚੋਂ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਹਾਜ਼ਰ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ, ਕਿਉਂਕਿ ਇਹ ਸਾਕਾ ਸਿੱਖ ਇਤਿਹਾਸ ਅੰਦਰ ਵੱਡੇ ਮਹੱਤਵ ਨਾਲ ਰੂਬਰੂ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪਾਕਿਸਤਾਨ ਫੇਰੀ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਦੇ ਨੁਮਾਇੰਦਿਆਂ ਨਾਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਾਕਾ ਦੀ ਯਾਦਗਾਰ ਸਬੰਧੀ ਗੱਲਬਾਤ ਵੀ ਕੀਤੀ ਹੈ, ਜਿਸ ਦਾ ਸਾਰਥਕ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਇਤਿਹਾਸਕ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਵਿਚ ਇਕ ਪ੍ਰੇਰਣਾ ਹਨ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੰਗੀ ਗੱਲ ਹੈ ਕਿ ਨਾਨਕਸ਼ਾਹੀ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਜਾਂਦੇ ਹਨ ਅਤੇ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ।

Share this Article
Leave a comment