ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਗਿੱਛ ਕੀਤੇ ਜਾਣ ਤੋਂ ਬਾਅਦ ਹੁਣ ‘ਨਵੀਂ ਸਿੱਟ’ ਨੇ ਸੁਖਬੀਰ ਬਾਦਲ ਨੂੰ ਤਲਬ ਕੀਤਾ ਹੈ। ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਹੈ ।
ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਕੋਟਕਪੂਰਾ ਵਿੱਚ ਪੁਲਿਸ ਵਲੋਂ ਫਾਇਰਿੰਗ ਕੀਤੀ ਗਈ ਸੀ, ਉਸ ਸਮੇਂ ਸੁਖਬੀਰ ਬਾਦਲ ਗ੍ਰਹਿ ਮੰਤਰੀ ਸਨ।
ਐਲ.ਕੇ.ਯਾਦਵ ਦੀ ਅਗਵਾਈ ਵਾਲੀ ਐਸਆਈਟੀ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪਹਿਲਾਂ ਹੀ ਪੁੱਛਗਿੱਛ ਕਰ ਚੁੱਕੀ ਹੈ। ਐਸ.ਆਈ.ਟੀ. ਜਾਂਚ ਕਰ ਰਹੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੀ ਭੀੜ ਉੱਤੇ ਫਾਇਰਿੰਗ ਕਰਨ ਲਈ ਜ਼ਿਲ੍ਹਾ ਪੁਲਿਸ ਨੂੰ ਕਿਸਨੇ ਪ੍ਰਵਾਨਗੀ ਦਿੱਤੀ ਅਤੇ ਕੀ ਪੁਲਿਸ ਕਾਰਵਾਈ ਜਾਇਜ਼ ਸੀ।