ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰਦੇਸ਼ ਦਿੱਤੇ ਹਨ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ।
ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਭਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਅਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ।
ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਕਣਕ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ਉੱਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿੱਚ ਕੋਈ ਦਿੱਕਤ ਨਾ ਆਏ।