ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਰਾਜ ਵਿੱਚ ਦਿਨ ਪ੍ਰਤੀ ਦਿਨ ਹਾਲਾਤ ਨਾਜ਼ੁਕ ਬਣਦੇ ਜਾ ਰਹੇ ਹਨ। ਇਸ ਬਾਰੇ ਜਦੋਂ ਗਲੋਬਲ ਪੰਜਾਬ ਟੀਵੀ ਦੀ ਐਡਿਟਰ ਬਿੰਦੂ ਸਿੰਘ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਖਾਸ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੋਸ਼ਲ ਡਿਸਟੈਂਸ ਰਾਹੀਂ ਹੀ ਕੋਰੋਨਾਵਾਇਰਸ ਮਹਾਂਮਾਰੀ ਦੀ ਚੈਨ ਨੂੰ ਤੋੜਿਆ ਜਾ ਸਕਦਾ ਹੈ। ਜਦੋਂ ਸਿਹਤ ਮੰਤਰੀ ਸਿੱਧੂ ਤੋਂ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਮੌਕੇ ਪੈਦਾ ਹੋਏ ਬਵਾਲ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਇੱਕ ਮੰਦਭਾਗੀ ਘਟਨਾ ਦੱਸਿਆ ਤੇ ਕਿਹਾ ਕਿ ਭਾਈ ਨਿਰਮਲ ਸਿੰਘ ਖਾਲਸਾ ਇੱਕ ਬਹੁਤ ਵੱਡੀ ਹਸਤੀ ਸਨ ਤੇ ਸਾਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਸੀ ਨਾਲ ਹੀ ਉਨਾਂ ਭਾਈ ਖਾਲਸਾ ਦੇ ਸਸਕਾਰ ਮੌਕੇ ਅਜਿਹਾ ਕਰਨ ਵਾਲੇ ਲੋਕਾਂ ਦੀ ਘੋਰ ਨਿੰਦਾ ਵੀ ਕੀਤੀ।
ਸਿਹਤ ਮੰਤਰੀ ਨੇ ਕਿਹਾ ਕਿ ਵਿਦੇਸ਼ ਤੋਂ ਆਏ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ, ਉਸ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ਿਟਿਵ ਪਾਈ ਗਈ ਸੀ ਜਿਸ ਤੋਂ ਬਾਅ ਸਿਹਤ ਵਿਭਾਗ ਦੀ ਟੀਮ ਨੇ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਦੀ ਕੋਰੋਨਾ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਇਕੱਲੇ ਬਲਦੇਵ ਸਿੰਘ ਦੇ ਸਪਰੰਕ ਵਿੱਚ ਆਉਣ ਨਾਲ ਲਗਭਗ 25 ਲੋਕ ਕੋਰੋਨਾ ਦੀ ਲਪੇਟ ਵਿੱਚ ਆਏ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਮੌਰਾਂਵਾਲੀ ਦਾ ਹਰਭਜਨ ਸਿੰਘ ਵੀ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਨ੍ਹਾਂ ਲੋਕਾਂ ਦੀ ਹੁਣ ਤੱਕ ਕੋਰੋਨਾ ਨਾਲ ਮੌਤ ਹੋਈ ਹੀ ਉਨ੍ਹਾਂ ਦੀ ਜਾਂ ਤਾਂ ਟ੍ਰੈਵਲ ਹਿਸਟਰੀ ਸੀ ਜਾਂ ਫਿਰ ਉਹ ਕਿਸੇ ਵਿਦੇਸ਼ ਤੋਂ ਆਏ ਵਿਅਕਤੀ ਦੇ ਸੰਪਰਕ ਵਿੱਚ ਆਏ ਸਨ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ, ਪ੍ਰਸਾਸ਼ਨ ਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੋਸ਼ਿਸ਼ਾਂ ਸਦਕਾ ਹੁਣ ਹਾਲਾਤ ਕਾਬੂ ਵਿੱਚ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜਿਸ ਵੀ ਇਲਾਕੇ ਵਿੱਚ ਕੋਰੋਨਾ ਦਾ ਮਰੀਜ਼ ਮਿਲਿਆ ਹੈ ਉਸ ਇਲਾਕੇ ਨੂੰ ਪ੍ਰਸਾਸ਼ਨ ਵੱਲੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਤੇ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਦੀ ਜਾਂਚ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜਗਤਪੁਰਾ ਦੇ ਇਲਾਕੇ ਨੂੰ ਵੀ ਪ੍ਰਸਾਸ਼ਨ ਵੱਲੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਤੇ ਉਸ ਇਲਾਕੇ ਦੇ 50 ਵਿਅਕਤੀਆਂ ਦੇ ਸੈਪਲ ਵੀ ਲਏ ਗਏੇ ਹਨ। ਸਿਹਤ ਮੰਤਰੀ ਨੇ ਲੋਕਾਂ ਨੂੰ ਦੇਸ਼ ਤੇ ਰਾਜਾਂ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੇ ਗਏ ਨਿਰਦੇਸ਼ਾਂ/ਲਾਕਡਾਊਨ/ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਹੇਠ ਦਿੱਤੇ ਲਿੰਕ ‘ਤੇ ਕਲਿਕ ਕਰਕੇ ਸੁਣੋ ਪੂਰੀ ਗੱਲਬਾਤ।
https://youtu.be/DB86DE7E6Ps