ਲੁਧਿਆਣਾ: ਜ਼ੁਰਾਬਾਂ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਵੰਸ਼ ਦੀ ਬੀਤੇ ਦਿਨੀਂ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਨੂੰ ਫੋਨ ਕਰਕੇ ਪਰਿਵਾਰ ਦੀ ਮਾਲੀ ਮਦਦ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੰਸ਼ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ ਅਤੇ ਨਾਲ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਯਤਨਾ ਸਦਕਾ ਉਸ ਦਾ ਦਾਖ਼ਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਮਾਰਟ ਸਕੂਲ ਪੰਜਵੀਂ ਜਮਾਤ ਵਿਚ ਕਰਵਾ ਦਿੱਤਾ ਗਿਆ ਹੈ।
ਇੱਥੇ ਹੀ ਬਸ ਨਹੀਂ ਵੰਸ਼ ਦੇ ਭਰਾ ਦਾ ਦਾਖ਼ਲਾ ਵੀ 9ਵੀਂ ਜਮਾਤ ਵਿਚ ਕਰਵਾਇਆ ਗਿਆ ਹੈ ਕਿਉਂਕਿ ਉਸ ਨੇ ਵੀ ਆਰਥਿਕ ਤੰਗੀ ਦੇ ਚੱਲਦਿਆਂ ਪੜ੍ਹਾਈ ਛੱਡ ਦਿੱਤੀ ਸੀ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਖੁਦ ਉਸ ਦਾ ਸਕੂਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਉਸ ਨੂੰ ਦੋ ਲੱਖ ਰੁਪਏ ਦਾ ਚੈੱਕ ਵੀ ਭੇਂਟ ਕੀਤਾ ਗਿਆ ਤਾਂ ਜੋ ਪਰਿਵਾਰ ਦੀ ਆਰਥਿਕ ਮਦਦ ਹੋ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਪਰਿਵਾਰ ਦੀ ਆਰਥਿਕ ਮਦਦ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਦੋਵਾਂ ਬੱਚਿਆਂ ਨੂੰ ਸਕੂਲ ਪੜ੍ਹਾਇਆ ਜਾ ਰਿਹਾ ਹੈ ਤਾਂ ਜੋ ਉਹ ਦੋਵੇਂ ਪੜ੍ਹ ਲਿਖ ਕੇ ਕੋਈ ਚੰਗਾ ਕੰਮ ਕਰ ਸਕਣ।