ਸੋਨੀ ਵਲੋਂ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਕਰਨ ਦੇ ਹੁਕਮ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਬਣਾਉਣ ਅਤੇ ਜ਼ਰੂਰਤ ਤੋਂ 200 ਸਿਲੰਡਰ ਵਾਧੂ ਹਰ ਸਮੇਂ ਆਪਣੇ ਸਟੋਰਾਂ ਵਿਚ ਉਪਲੱਬਧ ਰੱਖਣ। ਇਸ ਮੌਕੇ ਉਹਨਾਂ ਆਕਸੀਜਨ ਗੈਸ ਸਪਲਾਇਰਾਂ ਨੂੰ ਟੈਲੀਫੋਨ ਰਾਹੀਂ ਗੱਲ ਕਰਕੇ ਹਦਾਇਤ ਕੀਤੀ ਕਿ ਉਹ ਆਕਸੀਜਨ ਗੈਸ ਸਪਲਾਈ ਨੂੰ ਸੁਚਾਰੂ ਤਰੀਕੇ ਨਾਲ ਹਸਪਤਾਲਾਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਉਣ।

ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਕਾਰਨ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਪੜਚੋਲ ਕੀਤਾ ਗਿਆ ਅਤੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਹਸਪਤਾਲਾਂ ਵਿਚ ਸਾਫ਼ ਸਫਾਈ ਉਤੇ ਹੋਰ ਜ਼ੋਰ ਦੇਣ ਦੇ ਵੀ ਆਦੇਸ਼ ਦਿੱਤੇ।

ਸੋਨੀ ਨੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਵਲੋਂ ਜੋ ਵੀ ਮੰਗ ਕੀਤੀ ਜਾ ਰਹੀ ਹੈ ਉਸ ਨੂੰ ਤੁਰੰਤ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਪੰਜਾਬ ਰਾਜ ਦੇ ਤਿੰਨੇ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਾਪਤ ਇਕ-ਇਕ ਕਰੋੜ ਦੇ ਚੈਕ ਵੀ ਭੇਂਟ ਕੀਤੇ ਗਏ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਕਾਰਜਾਂ ਤੇ ਖਰਚ ਕੀਤੇ ਜਾਣਗੇ।  ਸੋਨੀ ਨੇ ਮੁੱਖ ਮੰਤਰੀ ਦੇ ਇਸ ਕਦਮ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਮੁੱਖ ਸਕੱਤਰ ਪੰਜਾਬ ਜੀ ਵਲੋਂ ਬੀਤੇ ਕੱਲ ਹੀ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ ਜੋ ਕਿ ਜਲਦ ਹੀ ਕਾਲਜਾਂ ਨੂੰ ਮਿਲ ਜਾਵੇਗੀ। ਉਹਨਾਂ ਇਸ ਕਾਰਜ ਲਈ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਡਾਇਰੈਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।

- Advertisement -

Share this Article
Leave a comment