ਸੋਨੀਆ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਦੀ ਤਿਆਰੀ, ਕਾਂਗਰਸ ਮੁੱਖ ਮੰਤਰੀਆਂ ਨਾਲ ਬੈਠਕ ਅੱਜ, GST ਅਤੇ NEET ਪ੍ਰੀਖਿਆ ‘ਤੇ ਹੋਵੇਗੀ ਚਰਚਾ

TeamGlobalPunjab
2 Min Read

ਨਵੀਂ ਦਿੱਲੀ – ਨੈਸ਼ਨਲ ਟੈਸਟਿੰਗ ਏਜੰਸੀ ਨੇ 1 ਸਤੰਬਰ ਤੋਂ 6 ਸਤੰਬਰ ਤੱਕ JEE ਅਤੇ 13 ਸਤੰਬਰ ਨੂੰ NEET 2020 ਦੀ ਪ੍ਰੀਖਿਆ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਕਈ ਰਾਜਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਕਾਂਗਰਸ ਵੀ ਇਸ ਦੇ ਖਿਲਾਫ ਆ ਗਈ ਹੈ। ਜਿਸ ਦੇ ਚੱਲਦਿਆਂ ਅੱਜ ਬੁੱਧਵਾਰ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ ਬੈਠਕ ਕਰੇਗੀ।

ਇਸ ਵਰਚੁਅਲ ਮੀਟਿੰਗ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਝਾਰਖੰਡ ਦੇ ਸੀ.ਐੱਮ. ਹੇਮੰਤ ਸੋਰੇਨ ਅਤੇ ਮਹਾਰਾਸ਼ਟਰ ਦੇ ਸੀ.ਐੱਮ. ਉਧਵ ਠਾਕਰੇ ਵੀ ਹੋਣਗੇ। ਦੱਸ ਦਈਏ ਕਿ ਮਹਾਰਾਸ਼ਟਰ ਅਤੇ ਝਾਰਖੰਡ ਦੀ ਸਰਕਾਰ ‘ਚ ਕਾਂਗਰਸ ਭਾਗੀਦਾਰ ਹੈ। ਸੋਨੀਆ ਗਾਂਧੀ ਅਤੇ ਮੁੱਖ ਮੰਤਰੀਆਂ ਦੀ ਇਹ ਬੈਠਕ ਸੂਬਿਆਂ ਦਾ ਬਕਾਇਆ ਜੀ.ਐੱਸ.ਟੀ., NEET ਅਤੇ JEE ਪ੍ਰੀਖਿਆ ਦੇ ਮੁੱਦੇ ‘ਤੇ ਹੋਵੇਗੀ। ਇਸ ਤੋਂ ਇਲਾਵਾ ਬੁੱਧਵਾਰ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ ਕਾਂਗਰਸ ਨੇ ਕਿਹਾ ਕਿ ਸੂਬਿਆਂ ਨੂੰ ਹੋਏ ਮਾਲੀ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਨੂੰ ਸਮੇਂ ਨਾਲ ਜੀ.ਐੱਸ.ਟੀ. ਦਾ ਭੁਗਤਾਨ ਕਰਨਾ ਚਾਹੀਦਾ ਹੈ।

ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ) ਨੇ ਮੰਗਲਵਾਰ ਨੂੰ ਪੁਸ਼ਟੀ ਕੀਤੀ ਕਿ NEET ਅਤੇ JEE ਪ੍ਰੀਖਿਆ ਮੁਲਤਵੀ ਨਹੀਂ ਕੀਤੀ ਜਾਵੇਗੀ ਅਤੇ ਪ੍ਰੀਖਿਆ ਨਿਰਧਾਰਤ ਸਮੇਂ ‘ਤੇ ਹੋਵੇਗੀ। ਦੱਸ ਦਈਏ ਕਿ ਕੋਰੋਨਾ ਮਹਾਮਾਰੀ ਕਾਰਨ ਕਈ ਰਾਜਾਂ ਵੱਲੋਂ JEE ਅਤੇ NEET ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਵੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕਰ ਚੁੱਕੇ ਹਨ।

Share this Article
Leave a comment