ਮੋਗਾ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਪੰਜਾਬ ਦੀ ਸਿਆਸਤ ‘ਚ ਪੈਰ ਰੱਖਣ ਜਾ ਰਹੀ ਹੈ ਤੇ ਉਹ ਅੱਜ ਕਾਂਗਰਸ ਵਿੱਚ ਸ਼ਾਮਲ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹਰੀਸ਼ ਚੌਧਰੀ ਮੋਗਾ ਵਿਖੇ ਮਾਲਵਿਕਾ ਸੂਦ ਸੱਚਰ ਨੂੰ ਕਾਂਗਰਸ ‘ਚ ਸ਼ਾਮਲ ਕਰਨਗੇ। ਇਸ ਦੌਰਾਨ ਸੋਨੂੰ ਸੂਦ ਵੀ ਮੌਜੂਦ ਰਹਿਣਗੇ। ਕਿਆਸ ਲਗਾਏ ਜਾ ਰਹੇ ਹਨ ਕਿ ਉਹ ਮੋਗਾ ਤੋਂ ਕਾਂਗਰਸ ਦੀ ਉਮੀਦਵਾਰ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਮਾਲਵਿਕਾ ਸੂਦ ਪਿਛਲੇ ਮਹੀਨੇ ਕਾਂਗਰਸ ਪਾਰਟੀ ਵੱਲੋਂ ਪ੍ਰਚਾਰ ਵੀ ਕਰਦੀ ਵਿਖਾਈ ਦਿੱਤੀ ਸੀ ਅਤੇ ਰਾਜਨੀਤੀ ਵਿੱਚ ਕਾਫੀ ਸਰਗਰਮ ਚੱਲ ਰਹੀ ਸੀ, ਜਿਸ ਪਿੱਛੋਂ ਉਨ੍ਹਾਂ ਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਇੱਕ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਪਰੰਤੂ ਅਖੀਰ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨ ਭਾਰਤੀ ਚੋਣ ਕਮਿਸ਼ਨ ਵੱਲੋਂ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਦੇ ਆਈਕਨ ਵੱਜੋਂ ਨਿਯੁਕਤ ਕੀਤੇ ਜਾਣ ਨੂੰ ਰੱਦ ਕਰ ਦਿੱਤਾ ਹੈ।