ਦੱਖਣੀ ਅਫਰੀਕਾ: ਦੱਖਣੀ ਅਫ਼ਰੀਕਾ ਦੇ ਗੌਤੇਂਗ ਸੂਬੇ ‘ਚ ਦਰਦਨਾਕ ਹਾਦਸਾ ਵਾਪਰਿਆ ਜਿਸ ਨੇ ਦਰਜਨ ਦੇ ਕਰੀਬ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲਾਈਆਂ। ਗੌਤੇਂਗ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਮਿੰਨੀ ਬੱਸ ਅਤੇ ਇੱਕ ਟਰੱਕ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ ਇਸ ਹਾਦਸੇ ਵਿੱਚ ਘੱਟੋ-ਘੱਟ 13 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਅਤੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਹਾਦਸਾ ਗੌਟੇਂਗ ਸੂਬੇ ਦੇ ਜੋਹਾਨਸਬਰਗ ਦੇ ਦੱਖਣ-ਪੱਛਮ ਵਿੱਚ ਵਾਪਰਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਨਿੱਜੀ ਮਿੰਨੀ ਬੱਸ ਵੱਖ-ਵੱਖ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਬੱਚਿਆਂ ਨੂੰ ਛੱਡ ਰਹੀ ਸੀ ਜਦੋਂ ਇਹ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈ। ਅਧਿਕਾਰੀਆਂ ਨੇ ਦੱਸਿਆ ਕਿ 11 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੰਜ ਜ਼ਖਮੀਆਂ ਨੂੰ ਸੇਬੋਕੇਂਗ ਹਸਪਤਾਲ ਅਤੇ ਦੋ ਨੂੰ ਕੋਪਾਨੋਂਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬੱਸ ਡਰਾਈਵਰ ਵੀ ਜ਼ਖਮੀ ਹੋ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਘਟਨਾ ਦੀ ਜਾਣਕਾਰੀ ਮਿਲਣ ‘ਤੇ ਵੱਡੀ ਗਿਣਤੀ ਵਿੱਚ ਮਾਪੇ ਮੌਕੇ ‘ਤੇ ਪਹੁੰਚੇ। ਜਿਨ੍ਹਾਂ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਗੁਆ ਦਿੱਤਾ, ਉਹ ਫੁੱਟ-ਫੁੱਟ ਕੇ ਰੋਂਦੇ ਦਿਖਾਈ ਦਿੱਤੇ। ਪ੍ਰਸ਼ਾਸਨ ਨੇ ਪਰਿਵਾਰਾਂ ਨੂੰ ਦਿਲਾਸਾ ਦੇਣ ਅਤੇ ਸਥਿਤੀ ਨੂੰ ਸੰਭਾਲਣ ਲਈ ਇੱਕ ਕਾਉਂਸਲਿੰਗ ਟੀਮ ਤਾਇਨਾਤ ਕੀਤੀ ਹੈ।
ਦੂਜੇ ਪਾਸੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨੇ ਹਾਦਸੇ ‘ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦੀ ਸਭ ਤੋਂ ਕੀਮਤੀ ਸੰਪਤੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਸੜਕ ਨਿਯਮਾਂ ਅਤੇ ਸਕੂਲ ਆਵਾਜਾਈ ਦੀ ਗੁਣਵੱਤਾ ਵੱਲ ਸਖ਼ਤ ਧਿਆਨ ਦੇਣਾ ਜ਼ਰੂਰੀ ਹੈ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਬਹੁਤ ਸਾਰੇ ਸਕੂਲ ਆਵਾਜਾਈ ਹਾਦਸੇ ਡਰਾਈਵਰ ਦੀ ਲਾਪਰਵਾਹੀ ਕਾਰਨ ਹੁੰਦੇ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਦੀ ਲੋੜ ਹੈ।
ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਟਰੱਕ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਹਾਦਸਾ ਇੱਕ ਵਾਰ ਫਿਰ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਅਤ ਯਾਤਰਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

