ਸਿਓਲ: ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੇਓਲ, ਜੋ ਕਿ ਮਹਾਂਦੋਸ਼ ਦਾ ਸਾਹਮਣਾ ਕਰ ਰਹੇ ਹਨ, ਤੋਂ ਬੁੱਧਵਾਰ ਨੂੰ ਜਾਂਚ ਏਜੰਸੀਆਂ ਨੇ ਲਗਭਗ 10 ਘੰਟੇ ਪੁੱਛਗਿੱਛ ਕੀਤੀ। ਉਹਨਾਂ ਨੂੰ ਦੇਸ਼ ਦੀ ਰਾਜਧਾਨੀ ਸਿਓਲ ਦੇ ਨੇੜੇ ਇੱਕ ਨਜ਼ਰਬੰਦੀ ਕੇਂਦਰ ਵਿੱਚ ਲਿਜਾਇਆ ਗਿਆ। ਇਸ ਤੋਂ ਪਹਿਲਾਂ, ਪਿਛਲੇ ਮਹੀਨੇ ਮਾਰਸ਼ਲ ਲਾਅ ਲਗਾਉਣ ਦੇ ਸਬੰਧੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ।
ਯੂਨ ਨੂੰ ਉਨ੍ਹਾਂ ਦੇ ਰਾਸ਼ਟਰਪਤੀ ਨਿਵਾਸ ‘ਤੇ ਹਿਰਾਸਤ ਵਿੱਚ ਲੈਣ ਤੋਂ ਬਾਅਦ ਦੇਸ਼ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਉਨ੍ਹਾਂ ਤੋਂ ਲਗਭਗ 10 ਘੰਟੇ ਪੁੱਛਗਿੱਛ ਕੀਤੀ। ਯੂਨ ਨੇ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਦੇ ਮੁੱਖ ਦਫਤਰ ਲਿਜਾਏ ਜਾਣ ਤੋਂ ਪਹਿਲਾਂ ਰਿਕਾਰਡ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, “ਇਸ ਦੇਸ਼ ਵਿੱਚ ਕਾਨੂੰਨ ਦਾ ਸਾਸ਼ਨ ਪੂਰੀ ਤਰ੍ਹਾਂ ਖਤਮ ਹੋ ਚੁੱਕਿਆ ਹੈ।”
ਰਾਸ਼ਟਰਪਤੀ ਯੂਨ ਸੂਕ-ਯੇਓਲ ‘ਤੇ ਭ੍ਰਿਸ਼ਟਾਚਾਰ, ਸੱਤਾ ਦੀ ਦੁਰਵਰਤੋਂ ਅਤੇ ਹੋਰ ਬੇਨਿਯਮੀਆਂ ਸਮੇਤ ਕਈ ਦੋਸ਼ ਲਗਾਏ ਗਏ ਸਨ। ਸੰਸਦ ਵਿੱਚ ਮਹਾਂਦੋਸ਼ ਪ੍ਰਸਤਾਵ ਪਾਸ ਹੋਣ ਤੋਂ ਬਾਅਦ, ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਰਾਸ਼ਟਰਪਤੀ ਨੂੰ ਹਿਰਾਸਤ ਵਿੱਚ ਲੈਣ ਦਾ ਫੈਸਲਾ ਕੀਤਾ। ਇਸ ਕਦਮ ਨੇ ਦੇਸ਼ ਵਿੱਚ ਰਾਜਨੀਤਿਕ ਉਥਲ-ਪੁਥਲ ਪੈਦਾ ਕਰ ਦਿੱਤੀ ਹੈ ਅਤੇ ਜਨਤਾ ਵਿੱਚ ਮਿਲੀ-ਜੁਲੀ ਪ੍ਰਤੀਕਿਰਿਆ ਦੇਖੀ ਜਾ ਰਹੀ ਹੈ।
ਇੰਝ ਕੀਤਾ ਗ੍ਰਿਫਤਾਰ
ਬੁੱਧਵਾਰ ਸਵੇਰੇ, 1,000 ਤੋਂ ਵੱਧ ਭ੍ਰਿਸ਼ਟਾਚਾਰ ਵਿਰੋਧੀ ਜਾਂਚਕਰਤਾ ਅਤੇ ਪੁਲਿਸ ਅਧਿਕਾਰੀ ਯੂਨ ਸੂਕ ਯੇਓਲ ਦੇ ਘਰ ਪਹੁੰਚੇ। ਇਸ ਦੌਰਾਨ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਅੰਦਰ ਜਾਣ ਤੋਂ ਰੋਕਣ ਲਈ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਬੈਰੀਕੇਡ ਲਗਾਏ ਗਏ ਸਨ। ਹਾਲਾਂਕਿ, ਪੁਲਿਸ ਨੇ ਗ੍ਰਿਫ਼ਤਾਰੀ ਨੂੰ ਅੰਜਾਮ ਦਿੱਤਾ। ਇਸ ਘਟਨਾ ਨੂੰ ਦੱਖਣੀ ਕੋਰੀਆ ਦੀ ਰਾਜਨੀਤੀ ਵਿੱਚ ਇੱਕ ਨਾਟਕੀ ਮੋੜ ਵਜੋਂ ਦੇਖਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।