ਮੈਡ੍ਰਿਡ : ਦੁਨੀਆ ਭਰ ਵਿੱਚ ਜਾਨਲੇਵਾ ਕੋਰੋਨਾਵਾਇਰਸ (ਕੋਵਿਡ-19) ਕਾਰਨ ਸਥਿਤੀ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਇਸ ਵਿੱਚ ਹੀ ਸਪੇਨ ਵਿਚ ਪਿਛਲੇ 24 ਘੰਟਿਆਂ ਵਿੱਚ ਇਸ ਵਾਇਰਸ ਨਾਲ ਰਿਕਾਰਡ 832 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ ਸਪੇਨ ਵਿੱਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5690 ਹੋ ਗਈ ਹੈ ਤੇ 72 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ।
ਦੱਸ ਦਈਏ ਕਿ ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਇਟਲੀ ਤੋਂ ਬਾਅਦ ਸਪੇਨ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਸਪੇਨ ਦਾ ਮੈਡ੍ਰਿਡ ਸ਼ਹਿਰ ਇਸ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਸਿਰਫ ਮੈਡ੍ਰਿਡ ਵਿੱਚ ਵਾਇਰਸ ਨਾਲ 2,757 ਲੋਕਾਂ ਦੀ ਮੌਤ ਹੋਈ ਹੈ ਤੇ 21 ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਹਨ।
ਇਟਲੀ ਵਿੱਚ ਕੋਰੋਨਾਵਾਇਰਸ ਨਾਲ ਹੁਣ ਤੱਕ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਇਟਲੀ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 9,134 ਤੱਕ ਪਹੁੰਚ ਗਈ ਹੈ ਤੇ 86 ਹਜ਼ਾਰ ਤੋਂ ਵੱਧ ਵਿਅਕਤੀ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ।
ਵਿਸ਼ਵ ਪੱਧਰ ‘ਤੇ ਜਾਨਲੇਵਾ ਕੋਰੋਨਾਵਾਇਰਸ ਨਾਲ ਹੁਣ ਤੱਕ 28 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 6 ਲੱਖ 10 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਦੀ ਲਪੇਟ ਵਿੱਚ ਹਨ।