ਹੜ੍ਹਾਂ ਤੋਂ ਬਚਾਅ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ

Global Team
2 Min Read

ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੀ ਭਿਆਨਕ ਸਥਿਤੀ ਕਾਰਨ ਹੋ ਰਹੇ ਜਾਨੀ ਤੇ ਮਾਲੀ ਨੁਕਸਾਨ ਤੋਂ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਵੱਲੋਂ ਅਰਦਾਸ ਕੀਤੀ ਗਈ। ਅਰਦਾਸ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕਰਵਾਈ ਜਦੋਂਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।

ਅਰਦਾਸ ਤੋਂ ਬਾਅਦ ਸੰਬੋਧਨ ਕਰਦੇ ਹੋਏ ਸਿੰਘ ਸਾਹਿਬ ਨੇ ਸੰਗਤਾਂ ਨੂੰ ਹੜ੍ਹ ਪੀੜਤਾਂ ਦੀ ਸੰਭਵ ਮਦਦ ਕਰਨ ਤੇ ਦਸਵੰਧ ਕੱਢਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਤਖ਼ਤ ਸਾਹਿਬ ਦੇ ਪਰਬੰਧਕਾਂ ਵੱਲੋਂ ਵੀ ਰਾਹਤ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਗੁਰਵਿੰਦਰ ਸਿੰਘ, ਧਰਮ ਪ੍ਰਚਾਰ ਇੰਚਾਰਜ ਭਾਈ ਭੋਲਾ ਸਿੰਘ ਸਮੇਤ ਕਈ ਸਿਆਸੀ ਤੇ ਸਮਾਜਿਕ ਹਸਤੀਆਂ ਨੇ ਹਾਜ਼ਰੀ ਭਰੀ।

ਇਸ ਸਮੇਂ ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ — ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ। ਜਲੰਧਰ ਲਈ ਵੀ ਅਲਰਟ ਜਾਰੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ 1312 ਪਿੰਡ ਪ੍ਰਭਾਵਿਤ ਹੋਏ ਹਨ, ਜਦਕਿ ਮੀਂਹ ਲਈ ਔਰੇਂਜ ਅਲਰਟ ਅੱਜ ਵੀ ਲਾਗੂ ਹੈ।

ਸੋਮਵਾਰ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਕੇ ਕੇਂਦਰ ਵੱਲੋਂ ਪੂਰੀ ਮਦਦ ਦਾ ਭਰੋਸਾ ਦਿੱਤਾ। ਇਸਦੇ ਨਾਲ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੀ ਅਪੀਲ ਕਰਦੇ ਕਿਹਾ ਕਿ ਸਰਕਾਰ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ, ਮਜ਼ਦੂਰਾਂ, ਪਸ਼ੂ ਪਾਲਕਾਂ ਅਤੇ ਆਮ ਲੋਕਾਂ ਤੱਕ ਤੁਰੰਤ ਮਦਦ ਪਹੁੰਚ ਸਕੇ।

ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਉੱਚ ਪੱਧਰੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਹੜ੍ਹ ਪ੍ਰਬੰਧਨ ਨੂੰ ਲੈ ਕੇ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ।

Share This Article
Leave a Comment