ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

Global Team
2 Min Read

ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Share This Article
Leave a Comment