ਫਤਹਿਗੜ੍ਹ ਸਾਹਿਬ :ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਰੱਖੀ ਗਈ ਹੈ।
ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸ਼ਹੀਦੀ ਜੋੜ ਮੇਲ ਤੇ ਸਮਾਗਮਾਂ ਵਿੱਚ ਵੱਡੀ ਪੱਧਰ ਤੇ ਸ਼ਿਰਕਤ ਕਰਕੇ ਸੇਵਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀਆ ਡਿਊਟੀਆਂ ਵੀਂ ਲਗਾਈਆਂ ਜਾਣਗੀਆਂ। ਉਨ੍ਹਾਂ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਇਸ ਮੀਟਿੰਗ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ 26 ਦਸੰਬਰ ਤੋਂ ਹੋਣ ਵਾਲੇ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸੇਵਾ ਨਿਭਾਈ ਜਾਵੇਗੀ। ਜਥੇਦਾਰ ਚੀਮਾ ਨੇ ਦੱਸਿਆ ਕਿ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸ਼ਾਮਲ ਹੋ ਕੇ ਸੇਵਾ ਕਰਨਗੇ।