ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿਉਂਕਿ ਦੋ ਕਾਂਗਰਸੀ ਮੈਂਬਰ ਪਾਰਲੀਮੈਂਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਅਤੇ ਸਰਕਾਰ ਵੱਲੋਂ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਨੂੰ ਰੋਕਣ ਪ੍ਰਤੀ ਵਚਨਬੱਧਤਾ ‘ਤੇ ਸਵਾਲ ਕੀਤੇ ਹਨ, ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ ਤੇ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ 120 ਜਣਿਆਂ ਦੇ ਕਤਲ ਦੇ ਦੋਸ਼ੀ ਕਾਂਗਰਸੀਆਂ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੈਂਬਰ ਪਾਰਲੀਮੈਂਟ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਾਜ ਦੇ ਰਾਜਪਾਲ ਨੂੰ ਮਿਲ ਕੇ ਦੱਸ ਰਹੇ ਹਨ ਕਿ ਇਸ ਮਾਮਲੇ ਦੀ ਸੀ ਬੀ ਆਈ ਦੇ ਨਾਲ ਨਾਲ ਐਨਫੋਰਸਮੈਂਟ ਡਾਇਰੈਕਟੋਰੈਟ ਤੋਂ ਦੂਹਰੀ ਜਾਂਚ ਕਰਵਾਈ ਜਾਵੇ ਕਿਉਂਕਿ ਸੂਬੇ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾ ਸ਼ੋਰਾਂ ਨਾਲ ਚਲ ਰਿਹਾ ਹੈ। ਉਹਨਾਂ ਕਿਹਾ ਕਿ ਇਹ ਇਸ ਧੰਦੇ ਕਾਰਨ ਹੀ ਹੈ ਕਿ ਸੂਬੇ ਨੇ 5600 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਗੁਆਇਆ ਹੈ ਅਤੇ ਹੁਣ 120 ਕੀਮਤੀ ਜਾਨਾਂ ਵੀ ਗੁਆ ਲਈਆਂ ਹਨ। ਉਹਨਾਂ ਕਿਹਾ ਕਿ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਰਪੱਖ ਜਾਂਚ ਹੀ ਇਸ ਜ਼ਹਿਰੀਲੀ ਸ਼ਰਾਬ ਲਈ ਜਿੰੰਮੇਵਾਰ ਦੋਸ਼ੀਆਂ ਨੂੰ ਸਾਹਮਣੇ ਲਿਆ ਸਕਦੀ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹਨਾਂ ਹਾਲਾਤਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ ਕਿਉਂਕਿ ਉਹ ਆਬਕਾਰੀ ਤੇ ਗ੍ਰਹਿ ਮੰਤਰਾਲੇ ਦੇ ਆਪ ਇੰਚਾਰਜ ਹਨ। ਉਹਨਾਂ ਕਿਹਾ ਕਿ ਪੰਜਾਬ ਨਕਲੀ ਸ਼ਰਾਬ ਦੇ ਧੰਦੇ ਦੇ ਇਸ ਮੱਕੜ ਜਾਲ ਵਿਚ ਇਸ ਕਰ ਕੇ ਫਸ ਗਿਆ ਹੈ ਕਿਉਂਕਿ ਆਬਕਾਰੀ ਤੇ ਪੁਲਿਸ ਵਿਭਾਗ ਲੋੜੀਂਦੇ ਕਦਮ ਚੁੱਕਣ ਵਿਚ ਅਸਫਲ ਰਹੇ ਹਨ। ਉਹਨਾਂ ਕਿਹਾ ਕਿ ਨਾ ਸਿਰਫ ਦੋਵੇਂ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਕਰਨ ਵਿਚ ਅਸਫਲ ਰਹੇ ਹਨ ਬਲਕਿ ਉਹ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਮੂਹਰੇ ਸ਼ਕਤੀ ਵਿਹੂਣੇ ਹੋ ਗਏ ਹਨ ਕਿਉਂਕਿ ਇਹ ਲੋਕ ਹੀ ਗੈਰ ਕਾਨੂੰਨੀ ਸ਼ਰਾਬ ਦਾ ਧੰਦਾ ਚਲਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਗੱਲ ਦਾ ਸਪਸ਼ਟ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਕਾਂਗਰਸੀ ਅਹੁਦੇਦਾਰਾਂ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ‘ਤੇ ਕਾਬੂ ਪਾਉਣ ਵਿਚ ਅਸਫਲ ਕਿਉਂ ਰਹੇ ਹਨ ਅਤੇ ਉਹਨਾਂ ਨੇ ਉਹਨਾਂ ਖਿਲਾਫ ਉਦੋਂ ਵੀ ਕਾਰਵਾਈ ਕਿਉਂ ਨਹੀਂ ਕੀਤੀ ਜਦੋਂ ਜ਼ਹਿਰੀਲੀ ਸ਼ਰਾਬ ਦੀ ਤ੍ਰਾਸਦੀ ਦੇ ਪੀੜਤ ਪਰਿਵਾਰਾਂ ਨੇ ਉਹਨਾਂ ਦੇ ਨਾਂ ਲਏ ਹਨ।
ਪ੍ਰੋ. ਚੰਦੂਮਾਜਰਾ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਕਿਉਂ ਪਟਿਆਲਾ ਪੁਲਿਸ ਨੂੰ ਰਾਜਪੁਰਾ ਦੀ ਨਜਾਇਜ਼ ਡਿਸਟੀਲਰੀ ਦੇ ਕੇਸ ਦੀਆਂ ਫਾਈਲਾਂ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਸੌਂਪਣ ਤੋਂ ਕਿਉਂ ਰੋਕ ਦਿੱਤਾ ? ਉਹਨਾਂ ਕਿਹਾ ਕਿ ਜੇਕਰ ਫਾਈਲਾਂ ਈ ਡੀ ਨੂੰ ਦਿੱਤੀਆਂ ਗਈਆਂ ਹੁੰਦੀਆਂ ਹਨ ਅਤੇ ਜੇਕਰ ਸਰਕਾਰ ਨੇ ਕੇਸ ਦੇ ਅਸਲ ਦੋਸ਼ੀਆਂ ਖਿਲਾਫ ਕਾਰਵਾਈ ਕਰ ਕੇ ਕਾਂਗਰਸ ਦੇ ਵਿਧਾਇਕਾਂ ਨੂੰ ਬੇਨਕਾਬ ਕੀਤਾ ਹੁੰਦਾ ਤਾਂ ਫਿਰ ਜ਼ਹਿਰੀਲੀ ਸ਼ਰਾਬ ਦਾ ਇਹ ਦੁਖਾਂਤ ਟਾਲਿਆ ਜਾ ਸਕਦਾ ਸੀ।
ਅਕਾਲੀ ਆਗੂ ਨੇ ਕਿਹਾ ਕਿ 70 ਫੀਸਦੀ ਕਾਂਗਰਸੀ ਵਿਧਾਇਕ ਕਿਸੇ ਨਾ ਕਿਸੇ ਨਜਾਇਜ਼ ਗਤੀਵਿਧੀ ਵਿਚ ਸ਼ਾਮਲ ਹਨ। ਉਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਤੁਰੰਤ ਅਜਿਹੇ ਕਦਮ ਚੁੱਕਣ ਜੋ ਲੋਕਾਂ ਨੂੰ ਨਜ਼ਰ ਆਉਣ ਨਹੀਂ ਤਾਂ ਉਹ ਮਾਮਲੇ ‘ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਉਹਨਾਂ ਕਿਹਾ ਕਿ ਅਕਾਲੀ ਦਲ ਲੋੜ ਪੈਣ ‘ਤੇ ਇਸ ਸਬੰਧ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚ ਕਰੇਗਾ ਅਤੇ ਇਸ ਮਾਮਲੇ ਵਿਚ ਕੱਲ• ਹੋ ਰਹੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਵਿਸਥਾਰਿਤ ਰਣਨੀਤੀ ਤਿਆਰ ਕੀਤੀ ਜਾਵੇਗੀ।