ਸ੍ਰੀ ਅਕਾਲ ਤਖਤ ਸਾਹਿਬ ਨੇ ਪਟਨਾ ਸਾਹਿਬ ਦੇ ਹੁਕਮਨਾਮੇ ਨੂੰ ਸਿੱਖ ਵਿਰੋਧੀ ਕਰਾਰਦਿਆਂ ਕੀਤਾ ਰੱਦ

Global Team
2 Min Read

ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਫੈਸਲੇ ਦੇ ਸੰਦਰਭ ਵਿੱਚ, ਵੀਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਫੈਸਲੇ ਨੂੰ ਸਿੱਖ ਕੌਮ ਅਤੇ ਸਿੱਖ ਸਿਧਾਂਤਾਂ ਦੇ ਵਿਰੁੱਧ ਕਰਾਰ ਦਿੱਤਾ ਗਿਆ।

ਦੱਸਣਯੋਗ ਹੈ ਕਿ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੂੰ ਹੁਕਮਨਾਮਾ ਜਾਰੀ ਕਰਕੇ ਤਲਬ ਕਰਨ ਦਾ ਫੈਸਲਾ ਕੀਤਾ ਸੀ।

ਇਸ ਹੁਕਮਨਾਮੇ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਇਕਜੁਟ ਹੋ ਕੇ ਇਕੱਤਰਤਾ ਕੀਤੀ। ਉਨ੍ਹਾਂ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਅਤੇ ਇਸ ਨੂੰ ਸਿੱਖ ਕੌਮ ਦੀ ਏਕਤਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਾਰ ਦਿੱਤਾ।

ਇਕੱਤਰਤਾ ਵਿੱਚ ਸ਼ਾਮਲ ਪੰਜ ਪਿਆਰੇ ਸਿੰਘ ਸਾਹਿਬਾਨ—ਭਾਈ ਸੁਖਦੇਵ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਸੁਖਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ—ਨੇ ਗੁਰਮਤਾ ਪਾਸ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਜਗਤ ਦਾ ਸਰਬਉੱਚ ਅਦਾਰਾ ਹੈ। ਸਿੱਖ ਸੰਗਤ ਆਪਣੇ ਮਸਲੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਆਉਂਦੀ ਹੈ ਅਤੇ ਇੱਥੋਂ ਜਾਰੀ ਫੈਸਲਿਆਂ ਨੂੰ ਸਵੀਕਾਰ ਕਰਦੀ ਹੈ।

ਉਨ੍ਹਾਂ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਹੁਕਮਨਾਮੇ ਨੂੰ ਸਿੱਖ ਪੰਥ ਨੂੰ ਵੰਡਣ ਦੀ ਸਾਜ਼ਿਸ਼ ਕਰਾਰ ਦਿੱਤਾ ਅਤੇ ਇਸ ਨੂੰ ਗੈਰ-ਸਿਧਾਂਤਕ ਤੇ ਗੈਰ-ਵਾਜਬ ਐਲਾਨਿਆ।

Share This Article
Leave a Comment