ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਨਜਿੰਦਰ ਸਿਰਸਾ ਨੂੰ ਵੀ ਕੀਤਾ ਤਲਬ

Global Team
2 Min Read

ਨਿਊਜ਼ ਡੈਸਕ: ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ ਸਿਰਸਾ ਨੂੰ ਸਿੱਖ ਕੌਮ ਨਾਲ ਸਬੰਧਤ ਮਾਮਲਿਆਂ ਵਿੱਚ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹੋਰਨਾਂ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ। ਇਨ੍ਹਾਂ ਮਾਮਲਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੇ ਮੁੱਦੇ ਸ਼ਾਮਲ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਦੋਸ਼ੀ ਆਗੂਆਂ ਲਈ ਧਾਰਮਿਕ ਸਜ਼ਾ (ਤਨਖਾਹ) ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਮੀਟਿੰਗ ਦਾ ਉਦੇਸ਼ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਤੋਂ ਜਵਾਬਦੇਹੀ ਤੈਅ ਕਰਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਇਨਸਾਫ਼ ਯਕੀਨੀ ਬਣਾਉਣਾ ਹੈ। ਇਹ ਫੈਸਲਾ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਅਹਿਮ ਹੋਵੇਗਾ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਸਰਕਾਰ ਵਿੱਚ ਅਹੁਦਾ ਸੰਭਾਲਣ ਵਾਲੇ ਮੰਤਰੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 2015 ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਹਿਬਾਨਾਂ ਵੱਲੋਂ ਸਾਰੇ ਮਾਮਲੇ ਤੇ ਸਵਾਲ ਜਵਾਬ ਕੀਤੇ ਜਾਣਗੇ। ਇਸ ਤੋਂ ਬਾਅਦ ਹੋ ਸਕਦਾ ਹੈ ਸਿੰਘ ਸਹਿਬਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੀ ਸਰਕਾਰ ਦੇ ਮੰਤਰੀਆਂ ਨੂੰ ਵੀ ਸਜ਼ਾ ਦਿੱਤੀਆਂ ਜਾਣ।

ਮਨਜਿੰਦਰ ਸਿਰਸਾ ਨੂੰ ਵੀ ਸੰਮਨ

ਅਕਾਲ ਤਖ਼ਤ ਸਾਹਿਬ ਨੇ DSGMC ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਕੋਲ ਅਕਾਲੀ ਦਲ ਸਰਕਾਰ ਦੇ ਵਿੱਚ ਕੈਬਨਿਟ ਰੈਂਕ ਸੀ। ਮੰਨਿਆ ਜਾ ਰਿਹਾ ਹੈ ਕਿ ਰਾਮ ਰਹੀਮ ਦੀ ਮੁਆਫੀ ਦੇ ਮਾਮਲੇ ਵਿੱਚ ਵੀ ਉਹਨਾਂ ਕੋਲੋਂ ਸਵਾਲ ਜਵਾਬ ਹੋਣ।

Share This Article
Leave a Comment