ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ: ਮੁੱਖ ਮੰਤਰੀ ਮਾਨ ਨੇ ਭਰੀ ਹਾਜ਼ਰੀ

Global Team
3 Min Read

ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਸ਼ੁਰੂ ਹੋ ਗਏ ਹਨ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਕੈਬਨਿਟ ਮੰਤਰੀ ਮੌਜੂਦ ਰਹੇ।

ਪੰਜਾਬ ਸਰਕਾਰ ਵੱਲੋਂ ਇਸ ਸਮਾਗਮ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੁਚਾਰੂ ਅਮਲ ਲਈ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਜ਼ਮੀਨੀ ਪੱਧਰ ‘ਤੇ ਲਗਾਤਾਰ ਨਿਗਰਾਨੀ ਬਣਾਏ ਹੋਏ ਹਨ। ਐਤਵਾਰ ਤੋਂ ਮੰਗਲਵਾਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ਮਜ਼ਬੂਤ, ਤਕਨਾਲੋਜੀ-ਅਧਾਰਤ ਸਕਿਉਰਿਟੀ ਬਲੂਪ੍ਰਿੰਟ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਗੁਲਨੀਤ ਖੁਰਾਨਾ ਨੇ ਕਿਹਾ ਕਿ ਸਾਰੇ ਸੁਰੱਖਿਆ ਕਾਰਜਾਂ ਲਈ ਇੱਕ ਅਤਿ-ਆਧੁਨਿਕ ਕਮਾਂਡ ਸੈਂਟਰ ਸਥਾਪਤ ਕੀਤਾ ਗਿਆ ਹੈ, ਜੋ ਇਸ ਸਬੰਧੀ ਇੱਕ ਹੱਬ ਵਜੋਂ ਕੰਮ ਕਰੇਗਾ।

ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਊਸ਼ਨ, ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ ਸੀਸੀਟੀਵੀ ਕੈਮਰਿਆਂ ਦਾ ਇੱਕ ਮਜ਼ਬੂਤ ਨੈੱਟਵਰਕ ਲਗਾਤਾਰ ਨਿਗਰਾਨੀ ਨੂੰ ਯਕੀਨੀ ਬਣਾਏਗਾ। ਸਖ਼ਤ ਪ੍ਰਬੰਧਨ ਅਤੇ ਫੌਰੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪਵਿੱਤਰ ਨਗਰੀ ਅਨੰਦਪੁਰ ਸਾਹਿਬ ਨੂੰ ਯੋਜਨਾਬੱਧ ਢੰਗ ਨਾਲ 25 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਆਪਣੇ ਸਬ-ਕੰਟਰੋਲ ਰੂਮ ਅਤੇ ਹੈਲਪ ਡੈਸਕ ਨਾਲ ਸਵੈ-ਨਿਰਭਰ ਸੁਰੱਖਿਆ ਯੂਨਿਟ ਵਜੋਂ ਕੰਮ ਕਰੇਗਾ, ਜਿਸ ਨਾਲ ਮੁੱਖ ਕਮਾਂਡ ਸੈਂਟਰ ਨੂੰ ਲਗਾਤਾਰ ਅਸਲ-ਸਮੇਂ ਦੀ ਜਾਣਕਾਰੀ ਅਤੇ ਵੀਡੀਓ ਫੀਡ ਮਿਲਦੀ ਰਹੇਗੀ।

ਸੁਚਾਰੂ ਟ੍ਰੈਫਿਕ ਪ੍ਰਬੰਧਨ ਅਤੇ ਸੰਗਤ ਦੇ ਆਉਣ-ਜਾਣ ਦੀ ਸੁਵਿਧਾ ਲਈ ਜ਼ਿਲ੍ਹਾ ਪੁਲਿਸ ਨੇ ਆਈਆਈਟੀ ਰੋਪੜ ਨਾਲ ਸਾਂਝੇਦਾਰੀ ਤਹਿਤ ਸਾਰੇ ਪਾਰਕਿੰਗ ਜ਼ੋਨਾਂ ਦੀ ਅਸਲ-ਸਮੇਂ ਦੀ ਡਿਜੀਟਲ ਮੈਪਿੰਗ ਦਾ ਪ੍ਰਬੰਧ ਕੀਤਾ ਹੈ। ਸਮੁੱਚੇ ਸ਼ਹਿਰ ਦੀ ਵਿਆਪਕ ਹਵਾਈ ਨਿਗਰਾਨੀ ਲਈ 7 ਸਮਰਪਿਤ ਡਰੋਨ ਟੀਮਾਂ ਵੀ ਸੇਵਾ ਵਿੱਚ ਲਾਈਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment