100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ ਸੂਬਾ ਸਰਕਾਰ: ਮੁੱਖ ਮੰਤਰੀ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ।

ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ।

ਇੱਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।

- Advertisement -

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

Share this Article
Leave a comment